ਨਵੀਂ ਦਿੱਲੀ- ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ ਸਮਝੌਤੇ ‘ਤੇ ਸ਼ਨੀਵਾਰ ਨੂੰ ਸਹਿਮਤੀ ਬਣ ਗਈ। ਇਸ ਵਿਚ ਸੀਡੀਐੱਸ ਅਤੇ ਤਿੰਨੋਂ ਸੈਨਾਵਾਂ ਦੇ ਮੁਖੀ ਪੀ.ਐੱਮ ਦੀ ਸਰਕਾਰੀ ਰਿਹਾਇਸ਼ ਪਹੁੰਚ ਗਏ ਹਨ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦੇਣਗੇ। ਸੀਡੀਐੱਸ ਅਤੇ ਤਿੰਨੋਂ ਫ਼ੌਜ ਮੁਖੀਆਂ ਦੇ ਨਾਲ-ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਭਾਲ ਵੀ ਪੀ.ਐੱਮ. ਰਿਹਾਇਸ਼ ਪਹੁੰਚ ਗਏ ਹਨ। ਜਿੱਥੇ ਉਹ ਪੀ.ਐੱਮ. ਮੋਦੀ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦੇਣਗੇ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਬੀਤੀ ਰਾਤ ਸਰਹੱਦ ‘ਤੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਿਚਕਾਰ ਵਿਚੋਲੇ ਦੀ ਭੂਮਿਕਾ ਨਿਭਾਉਂਦੇ ਹੋਏ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਸਮਝੌਤੇ ਬਾਰੇ ਟਵੀਟ ਕੀਤਾ ਸੀ। ਜਿਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਨੇ ਵੀ ਇਸ ਜੰਗਬੰਦੀ ਦੀ ਪੁਸ਼ਟੀ ਕੀਤੀ। ਸੂਤਰਾਂ ਅਨੁਸਾਰ, ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਦੇ ਪਾਰ ਨੌਸ਼ਹਿਰਾ, ਸੁੰਦਰਬਨੀ ਅਤੇ ਅਖਨੂਰ ਸੈਕਟਰਾਂ ਵਿੱਚ ਗੋਲੀਬਾਰੀ ਕੀਤੀ, ਜਿਸਦਾ ਭਾਰਤੀ ਫੌਜੀਆਂ ਨੇ ਤੁਰੰਤ ਅਤੇ ਢੁਕਵਾਂ ਜਵਾਬ ਦਿੱਤਾ।















