ਜੰਮੂ ਕਸ਼ਮੀਰ : ਪੁਲਵਾਮਾ ’ਚ ਚੱਲ ਰਹੇ ਮੁਕਾਬਲੇ ’ਚ ਸੁਰੱਖਿਆ ਫ਼ੋਰਸਾਂ ਨੇ 2 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਚੱਲ ਰਹੇ ਮੁਕਾਬਲੇ ’ਚ 2 ਅੱਤਵਾਦੀ ਮਾਰੇ ਗਏ ਹਨ। ਪੁਲਸ ਬੁਲਾਰੇ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਰਾਸ਼ਟਰੀ ਰਾਈਫਲਜ਼ (ਆਰ.ਆਰ.), ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸੰਯੁਕਤ ਰੂਪ ਨਾਲ ਸ਼ੁੱਕਰਵਾਰ ਨੂੰ ਤੜਕੇ ਪੁਲਵਾਮਾ ਦੇ ਖੇਪ, ਪੰਪੋਰ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਸ਼ੁਰੂ ਕੀਤੀ।
ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆ ਫ਼ੋਰਸ ਕਿਸੇ ਵਿਸ਼ੇਸ਼ ਇਲਾਕੇ ਵੱਲ ਵੱਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫ਼ੋਰਸਾਂ ਨੇ ਜਵਾਬੀ ਕਾਰਵਾਈ ਤੋਂ ਬਾਅਦ ਸ਼ੁਰੂ ਹੋਏ ਮੁਕਾਬਲੇ ’ਚ 2 ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਹੋਈ ਹੈ। ਤਲਾਸ਼ੀ ਮੁਹਿੰਮ ਹਾਲੇ ਜਾਰੀ ਹੈ। ਇਸ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਨੇੜਲੇ ਇਲਾਕਿਆਂ ’ਚ ਐਡੀਸ਼ਨਲ ਸੁਰੱਖਿਆ ਫ਼ੋਰਸਾਂ ਤਾਇਨਾਤ ਕੀਤੀਆਂ ਗਈਆਂ ਹਨ।