ਜੰਮੂ-ਕਸ਼ਮੀਰ ‘ਚ ਬੱਸ ‘ਤੇ ਅੱਤਵਾਦੀ ਹਮਲਾ ‘ਕਾਇਰਤਾਪੂਰਨ ਕਾਰਵਾਈ’: ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਜੰਮੂ-ਕਸ਼ਮੀਰ ਵਿਚ ਤੀਰਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਐਤਵਾਰ ਨੂੰ ਹੋਏ ਅੱਤਵਾਦੀ ਹਮਲੇ ਨੂੰ ‘ਕਾਇਰਤਾਪੂਰਨ ਕਾਰਵਾਈ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਐਤਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਕਾਰਨ ਬੱਸ ਖੱਡ ‘ਚ ਡਿੱਗ ਗਈ। ਇਸ ਘਟਨਾ ‘ਚ 3 ਔਰਤਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ।
ਰਾਸ਼ਟਰਪਤੀ ਮੁਰਮੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਮੈਂ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਹੋਏ ਅੱਤਵਾਦੀ ਹਮਲੇ ਤੋਂ ਦੁਖੀ ਹਾਂ। ਇਹ ‘ਕਾਇਰਤਾਪੂਰਨ ਕਾਰਵਾਈ’ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਪੂਰਾ ਦੇਸ਼ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ।