ਪ੍ਰਯਾਗਰਾਜ : ਪ੍ਰਯਾਗਰਾਜ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੰਗਲਵਾਰ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਥਿਤ ਤੌਰ ‘ਤੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦਿੱਤੀ। ਵਾਰਦਾਤ ਦਾ ਪਤਾ ਲੱਗਣ ‘ਤੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਨੇ ਮੌਕੇ ‘ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਇਸ ਮਾਮਲੇ ਦੀ ਜਾਂਚ ਦੌਰਾਨ ਡਿਪਟੀ ਕਮਿਸ਼ਨਰ ਆਫ਼ ਪੁਲਸ (ਯਮੁਨਾ ਨਗਰ) ਵਿਵੇਕ ਚੰਦਰ ਯਾਦਵ ਨੇ ਦੱਸਿਆ ਕਿ ਅੱਜ ਸਵੇਰੇ ਪੁਲਸ ਨੂੰ ਮੇਜਾ ਥਾਣੇ ਦੇ ਕੁੱਕੜ ਕਟਵਾ ਪਿੰਡ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਕਤਲ ਬਾਰੇ ਸੂਚਨਾ ਮਿਲੀ। ਉਨ੍ਹਾਂ ਕਿਹਾ ਕਿ ਕਤਲ ਕੀਤੇ ਗਏ ਸਾਰੇ ਲੋਕਾਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਯਾਦਵ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਸ਼ਿਆਮ ਲਾਲ (65), ਅਮਰਾਵਤੀ (60) ਅਤੇ ਇੰਦਰਾਵਤੀ (60) ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਪਰਿਵਾਰ ਨੂੰ ਇੱਕ ਵਿਅਕਤੀ ‘ਤੇ ਕਤਲ ਦਾ ਸ਼ੱਕ ਹੈ ਅਤੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ।














