ਤ੍ਰਿਣਮੂਲ ਕਾਂਗਰਸ ਦੇ 20 ਬਾਗ਼ੀ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਨੂੰ ਸੌਂਪਿਆ ਜਵਾਬ

ਕੋਲਕਾਤਾ – ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐੱਨ. ਸੀ. ਪੀ. ਆਈ.) ਸੰਸਦੀ ਪਾਰਟੀ ਦੀ ਚੇਅਰਪਰਸਨ ਕਾਕੋਲੀ ਘੋਸ਼ ਦਸਤੀਦਾਰ ਨੇ ਮੰਗਲਵਾਰ ਕਿਹਾ ਕਿ ਤ੍ਰਿਣਮੂਲ ਕਾਂਗਰਸ ਦੇ 20 ਬਾਗ਼ੀ ਸੰਸਦ ਮੈਂਬਰ ਜਿਨ੍ਹਾਂ ਨੇ ਆਪਣੇ ਆਪ ਨੂੰ ਐੱਨ. ਸੀ. ਪੀ. ਆਈ. ਨਾਲ ਜੋੜਿਆ ਹੈ, ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਆਪਣਾ ਜਵਾਬ ਸੌਂਪ ਦਿੱਤਾ ਹੈ। ਪਾਰਟੀ ਛੱਡਣ ਦੇ ਫੈਸਲੇ ਦਾ ਬਚਾਅ ਕਰਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਸਾਰੇ ਸੰਸਦੀ ਤੇ ਸੰਵਿਧਾਨਕ ਨਿਯਮਾਂ ਦੀ ਪਾਲਣਾ ਕੀਤੀ ਹੈ।
ਇਹ ਜਵਾਬ ਸੰਸਦ ਮੈਂਬਰਾਂ ਨੂੰ ਦਲ ਬਦਲ ਵਿਰੋਧੀ ਕਾਨੂੰਨ ਅਧੀਨ ਅਯੋਗ ਠਹਿਰਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਬਿਰਲਾ ਵੱਲੋਂ ਜਾਰੀ ਨੋਟਿਸਾਂ ਦਾ ਜਵਾਬ ਦੇਣ ਲਈ ਨਿਰਧਾਰਤ ਸਮਾਂ ਹੱਦ ਦੇ ਆਖਰੀ ਦਿਨ ਲੋਕ ਸਭਾ ਸਕੱਤਰੇਤ ਵੱਲੋਂ ਦਾਇਰ ਕੀਤਾ ਗਿਆ ਸੀ। ਹਰੇਕ ਸੰਸਦ ਮੈਂਬਰ ਨੇ 17-18 ਪੰਨਿਆਂ ਦਾ ਜਵਾਬ ਭੇਜਿਆ। ਕਾਕੋਲੀ ਘੋਸ਼ ਦਸਤੀਦਾਰ ਨੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਛੱਡਣ ਤੇ ਐੱਨ. ਸੀ. ਪੀ. ਆਈ. ’ਚ ਸ਼ਾਮਲ ਹੋਣ ਦੇ ਫੈਸਲੇ ਲਈ 20 ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਤੋਂ ਬਾਅਦ ਇਹ ਨੋਟਿਸ ਜਾਰੀ ਕੀਤੇ ਗਏ ਸਨ।