ਨਵੀਂ ਦਿੱਲੀ- ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਈ ਕੁੜੀ ਨੂੰ ਇਕ ਸੇਵਾਦਾਰ ਵੱਲੋਂ ਰੋਕੇ ਜਾਣ ਨੂੰ ਲੈ ਕੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਟਵੀਟ ਕਰਕੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਨੂੰ ਸੇਵਾਦਾਰਾਂ ਨੂੰ ਬਿਹਤਰ ਸਿਖਲਾਈ ਦੇਣੀ ਚਾਹੀਦੀ ਹੈ, ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਔਰਤਾਂ ਨਾਲ ਕਿਹੋ ਜਿਹਾ ਵਿਵਹਾਰ ਕਰਨਾ ਜਾਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਵਿਰੁੱਧ ਪ੍ਰਚਾਰ ਕਰਨ ਵਾਲੇ ਕੱਟੜਪੰਥੀਆਂ ਤੋਂ ਦੂਰ ਰੱਖਣ ਲਈ ਗੁਰਬਾਣੀ ਨੂੰ ਪੜ੍ਹਨਾ ਅਤੇ ਸਮਝਣਾ ਚਾਹੀਦਾ ਹੈ।
ਇਸ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਉਹ ਕਰੜੀ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਇਕ ਸ਼ਰਧਾਲੂ ਅਤੇ ਸ੍ਰੀ ਦਰਬਾਰ ਸਾਹਿਬ ਦੇ ਇਕ ਪਹਿਰੇਦਾਰ ਵਿਚਕਾਰ ਹੋਈ ਗੱਲਬਾਤ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਹਿਜ ਇਕ ਘਟਨਾ ਨੂੰ ਲੈ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਅਤੇ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਮਨਘੜ੍ਹਤ ਅਤੇ ਬੇਬੁਨਿਆਦ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ।
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰੇਕ ਗੁਰੂ ਘਰ ਦੀ ਇਕ ਮਰਯਾਦਾ ਨਿਰਧਾਰਤ ਹੁੰਦੀ ਹੈ, ਜਿਸ ਦਾ ਸੰਗਤ ਨੂੰ ਪਾਲਣ ਕਰਨਾ ਲਾਜ਼ਮੀ ਹੁੰਦਾ ਹੈ। ਕਈ ਵਾਰ ਕੁਝ ਲੋਕ ਜਾਣਬੁਝ ਕੇ ਮਰਯਾਦਾ ਵਿਰੁੱਧ ਕਾਰਵਾਈਆਂ ਕਰ ਦਿੰਦੇ ਹਨ, ਜਿਸ ਕਰਕੇ ਪਹਿਰੇਦਾਰ ਅਤੇ ਸੇਵਾਦਾਰ ਸ਼ਰਧਾਲੂਆਂ ਨੂੰ ਸੁਚੇਤ ਕਰਦੇ ਰਹਿੰਦੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਪੁੱਜਣ ਸਮੇਂ ਮਰਯਾਦਾ ਦਾ ਖਿਆਲ ਰੱਖਿਆ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।















