ਨਵੀਂ ਦਿੱਲੀ- ਦਿੱਲੀ ਦੇ ਬਵਾਨਾ ਇਲਾਕੇ ਵਿਚ ਸਥਿਤ ਕੂਲਰ ਬਣਾਉਣ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਫੈਕਟਰੀ ਵਿਚ ਰੱਖਿਆ ਲੱਖਾਂ ਰੁਪਏ ਦਾ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਉੱਥੇ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ 9 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਉਨ੍ਹਾਂ ਦੀ ਜਾਨ ਬਚਾਈ। ਪੁਲਸ ਮਾਮਲਾ ਦਰਜ ਕਰ ਕੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਫਾਇਰ ਕੰਟਰੋਲ ਰੂਮ ਨੂੰ ਰਾਤ 3 ਵੱਜ ਕੇ 16 ਮਿੰਟ ’ਤੇ ਡੀ. ਐੱਸ. ਆਈ. ਆਈ. ਡੀ. ਸੀ. ਸੈਕਟਰ-5 ਬਵਾਨਾ ਸਥਿਤ ਕੂਲਰ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗਣ ਬਾਰੇ ਫੋਨ ਆਇਆ ਸੀ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਕਰੀਬ 4 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਇਆ।















