ਦਿੱਲੀ ‘ਚ ਫਿਰ ਤੋਂ ਤਾਲਾਬੰਦੀ ਲਗਾਉਣ ਦੀ ਕੋਈ ਯੋਜਨਾ ਨਹੀਂ ਹੈ : ਕੇਜਰੀਵਾਲ

ਨਵੀਂ ਦਿੱਲੀ- ਕੋਰੋਨਾ ਵਾਇਰਸ ਦੇ ਵਧਦੇ ਇਨਫੈਕਸ਼ਨ ਦਰਮਿਆਨ ਰਾਸ਼ਟਰੀ ਰਾਜਧਾਨੀ ‘ਚ ਇਕ ਵਾਰ ਫਿਰ ਤਾਲਾਬੰਦੀ ਲਾਗੂ ਕੀਤੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਇਸ ਬਾਰੇ ਕੀਤੇ ਗਏ ਟਵੀਟ ‘ਚ ਕਿਹਾ ਹੈ ਕਿ ਦਿੱਲੀ ‘ਚ ਇਕ ਵਾਰ ਫਿਰ ਤਾਲਾਬੰਦੀ ਲਾਗੂ ਕੀਤੇ ਜਾਣ ਨੂੰ ਲੈ ਕੇ ਕਈ ਗੱਲਾਂ ਕੀਤੀਆਂ ਜਾ ਰਹੀਆਂ ਹਨ। ਮੀਡੀਆ ਅਤੇ ਸੋਸ਼ਲ ਮੀਡੀਆ ‘ਚ ਇਹ ਗੱਲਾਂ ਆਈਆਂ ਹਨ ਕਿ ਦਿੱਲੀ ਸਰਕਾਰ ਇਕ ਵਾਰ ਫਿਰ ਰਾਜਧਾਨੀ ‘ਚ ਲਾਕਡਾਊਨ (ਤਾਲਾਬੰਦੀ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ ਪਰ ਮੈਂ ਸਾਰੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਦਿੱਲੀ ਸਰਕਾਰ ਅਜਿਹੀ ਕੋਈ ਯੋਜਨਾ ਨਹੀਂ ਬਣਾ ਰਹੀ ਹੈ। ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਹੋਈ। ਉੱਚ ਪੱਧਰੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਇਹ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਰਾਸ਼ਟਰੀ ਰਾਜਧਾਨੀ ‘ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਵਾਧਾ ਦੇਖਿਆ ਗਿਆ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਚ ਇਕ ਵਾਰ ਫਿਰ ਤੋਂ ਤਾਲਾਬੰਦੀ ਲਗਾਏ ਜਾਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਸਨ। ਖਾਸ ਕਰ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਸਰਕਾਰ ਦੇ ਮੰਤਰੀਆਂ ਅਤੇ ਸੀਨੀਅਰ ਅਫ਼ਸਰਾਂ ਦੀ ਬੈਠਕ ਤੋਂ ਬਾਅਦ ਇਸ ਤਰ੍ਹਾਂ ਦੀਆਂ ਗੱਲਾਂ ਦੀ ਚਰਚਾ ਆਮ ਸੀ। ਇਸ ਦੇ ਮੱਦੇਨਜ਼ਰ ਹੀ ਮੁੱਖ ਮੰਤਰੀ ਨੇ ਟਵਿੱਟਰ ਰਾਹੀਂ ਦਿੱਲੀ ਵਾਸੀਆਂ ਦੇ ਸਾਹਮਣੇ ਲਾਕਡਾਊਨ ਬਾਰੇ ਸਥਿਤੀ ਸਪੱਸ਼ਟ ਕੀਤੀ ਹੈ। ਕੇਜਰੀਵਾਲ ਨੇ ਸਾਫ਼ ਤੌਰ ‘ਤੇ ਇਕ ਵਾਰ ਫਿਰ ਤੋਂ ਤਾਲਾਬੰਦੀ ਲਗਾਉਣ ਦੀ ਗੱਲ ਨੂੰ ਖਾਰਜ ਕਰ ਦਿੱਤਾ ਹੈ।