ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਦਿੱਲੀ ਦੇ ਵਿਕਾਸ ਅਤੇ ਉੱਥੋਂ ਦੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਦਿੱਲੀ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਉਨ੍ਹਾਂ ਦੇ ਯਤਨ ਸ਼ਲਾਘਾਯੋਗ ਹਨ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।”
ਪ੍ਰਧਾਨ ਮੰਤਰੀ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ (BJP) ਦੇ ਕਈ ਸੀਨੀਅਰ ਨੇਤਾਵਾਂ ਨੇ ਰੇਖਾ ਗੁਪਤਾ ਦੀ ਲੀਡਰਸ਼ਿਪ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਭੇਜੀਆਂ। ਰੱਖਿਆ ਮੰਤਰੀ ਰਾਜਨਾਥ ਸਿੰਘ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਦਿੱਲੀ ਸਰਕਾਰ ਦੇ ਮੰਤਰੀਆਂ ਪਰਵੇਸ਼ ਵਰਮਾ ਅਤੇ ਕਪਿਲ ਮਿਸ਼ਰਾ ਨੇ ਵੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ।
ਜ਼ਿਕਰਯੋਗ ਹੈ ਕਿ ਰੇਖਾ ਗੁਪਤਾ ਇਸ ਸਮੇਂ ਦਿੱਲੀ ਦੇ 9ਵੇਂ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਭਾਰਤੀ ਜਨਤਾ ਪਾਰਟੀ ਲਈ ਇੱਕ ਬਹੁਤ ਵੱਡੀ ਸਿਆਸੀ ਉਪਲਬਧੀ ਮੰਨੀ ਜਾਂਦੀ ਹੈ, ਕਿਉਂਕਿ ਇਸ ਨਾਲ ਭਾਜਪਾ ਨੇ ਲਗਭਗ ਤਿੰਨ ਦਹਾਕਿਆਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦੀ ਸੱਤਾ ‘ਚ ਵਾਪਸੀ ਕੀਤੀ ਹੈ।















