ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੁੱਧਵਾਰ ਨੂੰ ਦਿੱਲੀ ਦੇ ਮਾਲਵੀਆ ਨਗਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਬੁੱਧਵਾਰ ਨੂੰ ਦੱਖਣੀ ਦਿੱਲੀ ਦੇ ਮਾਲਵੀਆ ਨਗਰ ਵਿੱਚ ਇੱਕ ਹੋਟਲ ਵਿੱਚ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿਚ ਮਰਨ ਵਾਲੇ ਲੋਕਾਂ ਵਿਚ ਕਈ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਮੁੱਖ ਤੌਰ ‘ਤੇ ਮੱਧ ਏਸ਼ੀਆ ਅਤੇ ਅਫਰੀਕਾ ਦੇ ਸਨ।
ਇਸ ਘਟਨਾ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਮੋਦੀ ਨੇ ‘X’ ‘ਤੇ ਪੋਸਟ ਕਰਦੇ ਹੋਏ ਕਿਹਾ, “ਦਿੱਲੀ ਦੇ ਮਾਲਵੀਆ ਨਗਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਬਹੁਤ ਦੁੱਖ ਹੈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।” ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।















