ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਹੱਦਬੰਦੀ ਬਿੱਲਾਂ ਰਾਹੀਂ ਦੇਸ਼ ਨੂੰ ਤਾਨਾਸ਼ਾਹੀ ਵੱਲ ਧੱਕ ਰਹੀ ਹੈ ਪਰ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਅਜਿਹਾ ਨਹੀਂ ਹੋਣ ਦੇਣਗੀਆਂ।
ਸ਼ਨੀਵਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ, ਅਡਾਣੀ, ਅੰਬਾਨੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੋਣ ਹਲਕੇ ਨਿਰਧਾਰਤ ਕਰਨ ਲਈ ‘ਬਲੈਂਕ ਚੈੱਕ’ ਭਾਵ ਖੁੱਲ੍ਹੀ ਛੋਟ ਦਿੱਤੀ ਜਾ ਰਹੀ ਹੈ। ਹੱਦਬੰਦੀ ਬਿੱਲਾਂ ਦਾ ਹਵਾਲਾ ਦਿੰਦੇ ਹੋਏ ਰਾਹੁਲ ਨੇ ਕਿਹਾ ਕਿ ਭਾਜਪਾ ਨੇ ਕਥਿਤ ਚੋਣ ਗਲਤੀਆਂ ਦੇ ਪੁਰਾਣੇ ਤਰੀਕੇ ਖਤਮ ਹੋਣ ਤੋਂ ਬਾਅਦ ਚੋਣਾਂ ’ਚ ਕਥਿਤ ਤੌਰ ’ਤੇ ਧਾਂਦਲੀ ਕਰਨ ਦਾ ਨਵਾਂ ਤਰੀਕਾ ਲੱਭ ਲਿਆ ਹੈ।
ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਦੇਸ਼ ਦੇ ਵਧੇਰੇ ਲੋਕ ਮੰਨਦੇ ਹਨ ਕਿ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਚੋਣ ਧੋਖਾਦੇਹੀ ’ਚ ਸ਼ਾਮਲ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਕਮਿਸ਼ਨ ਨੇ ਕਿਹਾ ਹੈ ਕਿ 2024 ’ਚ 1 ਕਰੋੜ 40 ਲੱਖ ਅਯੋਗ ਲੋਕਾਂ ਨੇ ਵੋਟ ਪਾਈ ਸੀ। ਜੇ ਅਜਿਹਾ ਹੈ ਤਾਂ ਕੀ ਪਿਛਲੀਆਂ ਲੋਕ ਸਭਾ ਚੋਣਾਂ ਗੈਰ-ਕਾਨੂੰਨੀ ਸਨ? ਕਾਂਗਰਸ ਨੇਤਾ ਨੇ ਕਿਹਾ ਕਿ ਮਹਿਲਾ ਰਿਜ਼ਰਵੇਸ਼ਨ ਬਿੱਲ ਪਹਿਲਾਂ ਹੀ ਪਾਸ ਹੋ ਚੁੱਕਾ ਹੈ ਤੇ ਇਸ ਨੂੰ ਮੌਜੂਦਾ 543 ਲੋਕ ਸਭਾ ਸੀਟਾਂ ਦੇ ਆਧਾਰ ’ਤੇ ਲਾਗੂ ਕੀਤਾ ਜਾ ਸਕਦਾ ਹੈ।
ਰਾਹੁਲ ਨੇ ਦੋਸ਼ ਲਾਇਆ ਕਿ ਸਰਕਾਰ ਹੱਦਬੰਦੀ ਰਾਹੀਂ ਹਲਕਿਆਂ ਨੂੰ ਇਸ ਤਰੀਕੇ ਨਾਲ ਮੁੜ ਬਣਾਉਣਾ ਚਾਹੁੰਦੀ ਹੈ ਕਿ ਵਿਰੋਧੀ ਪਾਰਟੀਆਂ ਤੇ ਉਨ੍ਹਾਂ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾਵੇ। ਇਸ ਨਾਲ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਨੂੰ ਵੱਡਾ ਫਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸੀਟਾਂ ਦੀ ਗਿਣਤੀ 850 ਕਰਨ ਦਾ ਪ੍ਰਸਤਾਵ ਦੇਸ਼ ਦੇ ਲੋਕਰਾਜ ਨੂੰ ਤਬਾਹ ਕਰਨ ਦੀ ਕੋਸ਼ਿਸ਼ ਹੈ। ਜੰਮੂ-ਕਸ਼ਮੀਰ ਤੇ ਅਾਸਾਮ ’ਚ ਹੱਦਬੰਦੀ ਪ੍ਰਕਿਰਿਆ ਦਾ ਹਵਾਲਾ ਦਿੰਦੇ ਹੋਏ ਰਾਹੁਲ ਨੇ ਡਰ ਪ੍ਰਗਟ ਕੀਤਾ ਕਿ ਪੂਰੇ ਦੇਸ਼ ’ਚ ਵੀ ਇਸੇ ਤਰ੍ਹਾਂ ਦੀ ਪ੍ਰਕਿਰਿਆ ਅਪਣਾਈ ਜਾ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗਿਆਨੇਸ਼ ਕੁਮਾਰ ਨੂੰ ਹੱਦਬੰਦੀ ਕਮੇਟੀ ’ਚ ਸ਼ਾਮਲ ਕੀਤਾ ਜਾਵੇਗਾ ਹਾਲਾਂਕਿ ਮੇਰੇ ਮੁਤਾਬਕ ਉਹ ਇਕ ਸਾਬਤ ਹੋ ਚੁੱਕੇ ਅਪਰਾਧੀ ਹਨ।















