ਕਪੂਰਥਲਾ — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਫੁੱਲਿਤ ਕਰਨ ਸਬੰਧੀ ਸਥਾਨਕ ਸ੍ਰੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਦੋਆਬਾ ਜ਼ੋਨ ਜ਼ਿਲਾ ਕਪੂਰਥਲਾ ਦੀ ਮੀਟਿੰਗ ਸਾਬਕਾ ਪ੍ਰਧਾਨ ਐੱਸ. ਜੀ. ਪੀ. ਸੀ. ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ‘ਚ ਜ਼ਿਲਾ ਕਪੂਰਥਲਾ ਦੀਆਂ ਧਾਰਮਿਕ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਐੱਸ. ਜੀ. ਪੀ. ਸੀ. ਬੀਬੀ ਜਗੀਰ ਕੌਰ, ਐੱਸ. ਜੀ. ਪੀ. ਸੀ. ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ ਸੁਲਤਾਨਪੁਰ ਤੇ ਜਥੇ. ਸਰਵਣ ਸਿੰਘ ਕੁਲਾਰ ਫਗਵਾੜਾ ਨੇ ਕਿਹਾ ਕਿ ਧਰਮ ਪ੍ਰਚਾਰ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਲੋਂ ਬਹੁਤ ਕੀਤਾ ਜਾ ਰਿਹਾ ਹੈ ਪਰ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਤੇਜ਼ ਕਰਨ ਲਈ ਗੁਰੂ ਦੀ ਕਾਸ਼ੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਲਹਿਰ ਸ਼ੁਰੂ ਕੀਤੀ ਗਈ ਹੈ।
ਇਸੇ ਹੀ ਲੜੀ ਤਹਿਤ ਘਰ-ਘਰ ਅਤੇ ਪਿੰਡ-ਪਿੰਡ ‘ਚ ਜਾ ਕੇ ਗੁਰਬਾਣੀ, ਗੁਰਮਤਿ, ਗੁਰ-ਇਤਿਹਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਦੇਸ਼ ਪਹੁੰਚਾਉਣ ਲਈ ਇਸ ਲਹਿਰ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ‘ਚ 31 ਜੁਲਾਈ ਨੂੰ ਸਵੇਰੇ 10 ਵਜੇ ਦੋਆਬੇ ਦੇ ਸਾਰੇ ਜ਼ਿਲਿਆਂ ‘ਚ ਧਰਮ ਪ੍ਰਚਾਰ ਲਹਿਰ ਦੇ ਪ੍ਰੋਗਰਾਮ ਦੀ ਆਰੰਭਤਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ‘ਚ ਵੱਧ-ਚੜ੍ਹ ਕੇ ਭਾਗ ਲੈਣ। ਇਸ ਮੌਕੇ ਬੀਬੀ ਜਗੀਰ ਕੌਰ ਨੇ ਦੇਸ਼ ਦੀ ਆਜ਼ਾਦੀ ਲਈ ਦੋਆਬੇ ‘ਚੋਂ ਜੋ ਲਹਿਰਾਂ ਉਠੀਆਂ ਉਨ੍ਹਾਂ ਨੇ ਸਿੱਖ ਇਤਿਹਾਸ ‘ਤੇ ਰੌਸ਼ਨੀ ਪਾਈ।
ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਦੇ ਤਹਿਤ ਪਿੰਡਾਂ, ਸ਼ਹਿਰਾਂ ‘ਚ ਸਿੰਘ ਸਾਹਿਬਾਨ, ਰਾਗੀ, ਢਾਡੀ, ਕਵੀਸ਼ਰ ਜਥੇ, ਸਿੱਖ ਕੌਮ ਦੇ ਮਹਾਨ ਵਿਦਵਾਨ, ਕਥਾ ਵਾਚਕ, ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਚਾਰਕ ਗਿਆਨੀ ਹਰਜੀਤ ਸਿੰਘ ਨੇ ਸਟੇਜ ਸੰਚਾਲਨ ਦੀ ਸੇਵਾ ਨਿਭਾਈ। ਇਸ ਮੌਕੇ ਧਾਰਮਿਕ ਆਗੂ ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਹਰਜੀਤ ਸਿੰਘ ਭਾਟੀਆ, ਸਿੱਖ ਮਿਸ਼ਨਰੀ ਆਗੂ ਹਰਭਜਨ ਸਿੰਘ, ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਪੰਮਾ, ਅਮਰਬੀਰ ਸਿੰਘ ਲਾਲੀ, ਜਥੇ. ਰਣਜੀਤ ਸਿੰਘ ਖੋਜੇਵਾਲ, ਜਥੇ. ਜਗੀਰ ਸਿੰਘ ਵਡਾਲਾ, ਸੁਖਦੇਵ ਸਿੰਘ ਕਾਦੂਪੁਰ, ਠੇਕੇਦਾਰ ਕੁਲਵਿੰਦਰ ਸਿੰਘ ਸੈਂਹਬੀ ਆਦਿ ਹਾਜ਼ਰ ਸਨ।















