ਅਮ੍ਰਿੰਤਸਰ – ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਭਰਵੀਂ ਰੈਲੀ ਕੀਤੀ ਗਈ। ਇਸ ਰੈਲੀ ’ਚ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਸੁਖਬੀਦ ਬਾਦਲ ਦੀ ਅਗਵਾਈ ’ਚ ਕਾਂਗਰਸ ਦੇ ਤਿੰਨ ਮੌਜੂਦਾ ਕੌਂਸਲਰ ਅਤੇ ਹੋਰ ਇਲਾਕਿਆਂ ਦੇ ਆਗੂ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੂਰਬੀ ਵਿੱਚੋਂ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲਦਾ ਹੋਇਆ ਦਿਖਾਈ ਦੇ ਰਿਹਾ ਹੈ। ਨਵਜੋਤ ਸਿੰਘ ਸਿੱਧੂ ਦੇ ਹੰਕਾਰੀ ਰਵੱਈਏ ਤੋਂ ਦੁਖੀ ਹੋ ਕੇ ਬਹੁਤ ਸਾਰੇ ਕਾਂਗਰਸੀ ਵਰਕਰ ਤੇ ਕਾਂਗਰਸੀ ਕੌਂਸਲਰ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਸਣੇ ਕਈ ਕਾਂਗਰਸੀ ਉਮੀਦਵਾਰਾਂ ਨੇ ਪੈਸੇ ਦੇ ਕੇ ਟਿਕਟਾਂ ਖ਼ਰੀਦੀਆਂ ਹਨ। ਆਮ ਆਦਮੀ ਪਾਰਟੀ ਵਿੱਚ ਵੀ ਪੈਸੇ ਲੈ ਕੇ ਟਿਕਟਾਂ ਵੇਚੀਆਂ ਜਾਂਦੀਆਂ ਹਨ।
ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਦਲ ਬਦਲੂ ਅਤੇ ਭਗੌੜੇ ਉਮੀਦਵਾਰ ਪੈਸੇ ਦੇ ਕੇ ਟਿਕਟਾਂ ਲੈ ਕੇ ਆਏ ਹਨ। ਲੋਕ ਇਨ੍ਹਾਂ ਲੋਕਾਂ ਨੂੰ ਪਸੰਦ ਨਹੀਂ ਕਰਦੇ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਨੇ 18 ਸਾਲਾਂ ਵਿੱਚ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਵਿਚ ਕਿਸੇ ਤਰ੍ਹਾਂ ਦਾ ਕੋਈ ਵਿਕਾਸ ਨਹੀਂ ਕਰਵਾਇਆ।















