ਨਵਜੋਤ ਸਿੱਧੂ ਨੂੰ ਪਾਰਟੀ ’ਚ ਆਉਣ ਲਈ ਖੁਲ੍ਹਾ ਸੱਦਾ : ਖਹਿਰਾ

ਮੌੜ ਮੰਡੀ/ਬਠਿੰਡਾ— ਆਪਣੇ ਬਿਆਨਾਂ ਕਰਕੇ ਹਮੇਸ਼ਾ ਸੁਰਖੀਆਂ ਵਿਚ ਰਹਿਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਰਾਹੁਲ ਗਾਂਧੀ ਨੂੰ ਆਪਣਾ ਕੈਪਟਨ ਦੱਸਣ ਦੇ ਬਿਆਨ ਤੋਂ ਬਾਅਦ ਪੰਜਾਬ ਵਿਚ ਸਿਆਸਤ ਭਖੀ ਹੋਈ ਹੈ। ਹੁਣ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਖਹਿਰਾ ਨੇ ਕਾਂਗਰਸ ਵਿਚ ਆਉਣ ਵਾਲੇ ਦਿਨਾਂ ਵਿਚ ਘਮਾਸਾਨ ਵਧਣ ਦੀ ਗੱਲ ਕਰਦੇ ਹੋਏ ਨਵਜੋਤ ਸਿੱਧੂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਹੋਣ ਦਾ ਖੁੱਲਾ ਸੱਦਾ ਦਿੱਤਾ ਹੈ।
ਵਿਧਾਨ ਸਭਾ ਹਲਕਾ ਮੌੜ ਮੰਡੀ ਵਿਖੇ ਪੁੱਜੇ ਸੁਖਪਾਲ ਖਹਿਰਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਕਰਤਾਰਪੁਰ ਲਾਂਘੇ ਦੇ ਕਾਰਜ ਨੇ ਉਨ੍ਹਾਂ ਦਾ ਕੱਦ ਵੱਡਾ ਕਰ ਦਿੱਤਾ ਹੈ, ਜਿਸ ਕਰਕੇ ਕਾਂਗਰਸੀ ਉਸ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਕਿਸੇ ਵੀ ਕੰਮ ਨੂੰ ਸਿਰੇ ਨਹੀਂ ਚੜ੍ਹਣ ਦਿੱਤਾ। ਨਾਲ ਹੀ ਸੁਖਪਾਲ ਖਹਿਰਾ ਨੇ ਨਵਜੋਤ ਸਿੱਧੂ ਨੂੰ ਇਨਸਾਫ ਯਾਤਰਾ ਵਿਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ ਹੈ।