ਚੰਡੀਗੜ੍ਹ : ਪੰਜਾਬ ‘ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਅਗਲਾ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ ‘ਚ ਕਿਤਾਬਾਂ ਪਹੁੰਚ ਚੁੱਕੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕੀਤਾ ਹੈ। ਹਰਜੋਤ ਬੈਂਸ ਨੇ ਕਿਹਾ ਹੈ ਕਿ ਇਹ ਪੰਜਾਬ ‘ਚ ਪਹਿਲੀ ਵਾਰ ਹੋਇਆ ਹੈ ਕਿ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ ‘ਚ ਕਿਤਾਬਾਂ ਪਹੁੰਚ ਗਈਆਂ ਹਨ।
ਉਨ੍ਹਾਂ ਨੇ ਕਿਹਾ ਕਿ ਇਹ ਬਦਲਾਅ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਸਦਕਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ ਪੂਰਾ ਵੀ ਕਰਦੇ ਹਾਂ। ਹਰਜੋਤ ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਰਵੋਤਮ ਬਣਾਉਣ ਲਈ ਵਚਨਬੱਧ ਹੈ। ਦੱਸਣਯੋਗ ਹੈ ਕਿ ਇਸ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਤਾਬਾਂ ਦੀ ਛਪਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਸੀ।
ਦਰਅਸਲ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਦੇ ਨਾਲ-ਨਾਲ ਮਾਪਿਆਂ ਦੀ ਵੀ ਇਹ ਸ਼ਿਕਾਇਤ ਰਹਿੰਦੀ ਸੀ ਕਿ ਉਨ੍ਹਾਂ ਨੂੰ ਸੈਸ਼ਨ ਦੇ ਅੱਧ ਤੋਂ ਬਾਅਦ ਹੀ ਕਿਤਾਬਾਂ ਮਿਲਦੀਆਂ ਹਨ। ਇਸ ਕਾਰਨ ਪੰਜਾਬ ਬੋਰਡ ਨੇ ਕਿਤਾਬਾਂ ਦੀ ਛਪਾਈ ਦਾ ਟੀਚਾ ਪਹਿਲਾਂ ਹੀ ਮਿੱਥ ਲਿਆ ਸੀ।















