ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਦਿੱਲੀ ਪੁਲਸ ਵਲੋਂ ਦੋਸ਼ੀਆਂ ਦੀ ਭਾਲ ਜਾਰੀ

ਨਵੀਂ ਦਿੱਲੀ- ਉੱਤਰ-ਪੂਰਬੀ ਇਲਾਕੇ ਦੇ ਵੈਲਕਮ ਇਲਾਕੇ ‘ਚ ਇਕ ਕਾਲਜ ਕੋਲ 22 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਮ੍ਰਿਤਕ ਦੀ ਪਛਾਣ ਮੌਜਪੁਰ ਵਾਸੀ ਅਮਾਨੁੱਲਾਹ ਕੁਰੈਸ਼ੀ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ 19 ਅਤੇ 20 ਮਈ ਦੀ ਦਰਮਿਆਨੀ ਰਾਤ ਨੂੰ ਵੈਲਕਮ ਇਲਾਕੇ ‘ਚ ਗੋਲੀਬਾਰੀ ਦੀ ਘਟਨਾ ਦੀ ਸੂਚਨਾ ਮਿਲੀ।
ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਦੀ ਇਕ ਟੀਮ ਕਾਲਜ ਕੋਲ ਹਾਦਸੇ ਵਾਲੀ ਜਗ੍ਹਾ ਪਹੁੰਚੀ ਪਰ ਉਦੋਂ ਤੱਕ ਜ਼ਖ਼ਮੀ ਵਿਅਕਤੀ ਦੇ ਪਰਿਵਾਰ ਵਾਲੇ ਉਸ ਨੂੰ ਜੀਟੀਬੀ ਹਸਪਤਾਲ ਲਿਜਾ ਚੁੱਕੇ ਸਨ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਦੱਸਿਆ ਕਿ ਫੋਰੈਂਸਿਕ ਮਾਹਿਰਾਂ ਨੇ ਹਾਦਸੇ ਵਾਲੀ ਜਗ੍ਹਾ ਦਾ ਮੁਆਇਨਾ ਕੀਤਾ ਅਤੇ ਸਬੂਤ ਜੁਟਾਏ ਅਤੇ ਵੈਲਕਮ ਪੁਲਸ ਥਾਣੇ ‘ਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 (1) (ਕਤਲ) ਅਤੇ ਆਰਮਜ਼ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਘਟਨਾ ‘ਚ ਸ਼ਾਮਲ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਜਾਂਚ ਜਾਰੀ ਹੈ।