ਚੰਡੀਗੜ੍ਹ – ਮਾਨਸਾ ਵਿਚ ਕਤਲ ਕੀਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ ਦਾ ਇਕ ਵਫ਼ਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਗਵਰਨਰ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਜੋ ਪੰਜਾਬ ਦੇ ਹਾਲਾਤ ਅੱਜ ਬਣੇ ਹੋਏ ਹਨ, ਉਸ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਅਕਾਲੀ ਦਲ ਦੇ ਵਫ਼ਦ ਨੇ ਮੁਲਾਕਾਤ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਮਾਫ਼ੀਆ ਪੰਜਾਬ ‘ਚ ਸਰਗਰਮ ਹੈ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾਈ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਲਈ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਅਤੇ ਡਰੱਗ ਮਾਫ਼ੀਆ ਸਰਕਾਰ ਚਲਾ ਰਿਹਾ ਹੈ, ਜਿਸ ਦੀ ਸਭ ਤੋਂ ਵੱਡੀ ਉਦਾਹਰਣ ਪਰਵਿੰਦਰ ਸਿੰਘ ਝੋਟਾ ਦੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਡਰੱਗ ਵੇਚਣ ਵਾਲੇ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਲਾਇਸੈਂਸ ਕਿਸ ਨੇ ਦਿੱਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੇ ਨਸ਼ੇ ਦੀ ਲੜਾਈ ਲੜਦੇ-ਲੜਦੇ ਪਰਵਿੰਦਰ ਸਿੰਘ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਉਨ੍ਹਾਂ ਸਵਾਲ ਕੀਤਾ ਕਿ ਮੁਲਜ਼ਮਾਂ ਕੋਲ ਹਥਿਆਰ ਕਿੱਥੋਂ ਆਏ ਅਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ‘ਚ ਕਥਿਤ ਤੌਰ ‘ਤੇ ਸ਼ਾਮਲ ਵਿਅਕਤੀਆਂ ਵਿਰੁੱਧ ਪੁਲਸ ਨੇ ਕੀ ਕਾਰਵਾਈ ਕੀਤੀ। ਅਸੀਂ ਅੱਜ ਗਵਰਨਰ ਸਾਬ੍ਹ ਨੂੰ ਮੰਗ ਕਰਨ ਆਏ ਹਾਂ ਕਿ ਮੁੱਖ ਮੰਤਰੀ ਨੂੰ ਡਿਸਮਿਸ ਕੀਤਾ ਜਾਵੇ। ਉਨ੍ਹਾਂ ਕਿਹਾ ਪਰਵਿੰਦਰ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦੀ ਮੰਗ ਰਾਜਪਾਲ ਅੱਗੇ ਰੱਖੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਰਾਜਪਾਲ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਜਾਣੂੰ ਕਰਵਾਇਆ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ।
ਅਕਾਲੀ ਦਲ ਦੇ ਪ੍ਰਧਾਨ ਨੇ ਪੁਲਸ ਪ੍ਰਸ਼ਾਸਨ ਦੀ ਭੂਮਿਕਾ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਨੂੰ ਕਥਿਤ ਤੌਰ ‘ਤੇ ਸਿਆਸੀ ਅਤੇ ਪ੍ਰਸ਼ਾਸਨਿਕ ਸਰਪ੍ਰਸਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਵਰਗੇ ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਏ।















