ਨਵੀਂ ਦਿੱਲੀ : ਦਿੱਲੀ ਪੁਲਸ ਨੇ ਦਵਾਰਕਾ ਦੇ ਛਾਵਲਾ ਇਲਾਕੇ ਵਿਚ ਇਕ ਕਿਸਾਨ ਨੂੰ ਆਪਣੇ ਖੇਤ ਵਿਚ ਪਰਾਲੀ ਸਾੜਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਵੀਰਵਾਰ ਤੜਕੇ ਕਿਸਾਨ ਵੱਲੋਂ ਪਰਾਲੀ ਸਾੜਨ ਦਾ ਪਤਾ ਲੱਗਾ ਅਤੇ ਛਾਵਲਾ ਥਾਣੇ ਦੀ ਟੀਮ ਮੌਕੇ ‘ਤੇ ਪਹੁੰਚ ਗਈ।
ਅਧਿਕਾਰੀ ਨੇ ਕਿਹਾ, “ਜਦੋਂ ਤੱਕ ਸਾਡਾ ਸਟਾਫ਼ ਮੌਕੇ ‘ਤੇ ਪਹੁੰਚਿਆ, ਉਦੋਂ ਤੱਕ ਪਰਾਲੀ ਸੜ ਚੁੱਕੀ ਸੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਮੌਕੇ ‘ਤੇ ਬੁਲਾਇਆ ਗਿਆ।” ਉਨ੍ਹਾਂ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਓਮ ਪ੍ਰਕਾਸ਼ ਨਾਂ ਦੇ ਕਿਸਾਨ ਖ਼ਿਲਾਫ਼ ਹਵਾ (ਪ੍ਰਦੂਸ਼ਣ ਦੀ ਰੋਕਥਾਮ ਅਤੇ ਕੰਟਰੋਲ) ਐਕਟ ਦੀਆਂ ਧਾਰਾਵਾਂ ਅਤੇ ਹੋਰ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਕਿਸਾਨ ਨੂੰ ਬਾਅਦ ਵਿਚ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਦਿੱਲੀ ਸਰਕਾਰ ਵੱਲੋਂ ਸ਼ਹਿਰ ‘ਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਪਰਾਲੀ ਸਾੜਨ ‘ਤੇ ਪਾਬੰਦੀ ਲਗਾਈ ਗਈ ਹੈ।















