ਪਾਕਿਸਤਾਨ ‘ਚ ਇਮਰਾਨ ਖਾਨ ਦੀ ਪਾਰਟੀ ਨੂੰ ‘ਸਾਰਥਕ’ ਗੱਲਬਾਤ ਲਈ ਦਿੱਤਾ ਗਿਆ ਸੱਦਾ

ਲਾਹੌਰ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਸੱਤਾਧਾਰੀ ਗਠਜੋੜ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਸੜਕਾਂ ‘ਤੇ ਆਪਣੇ ਪ੍ਰਦਰਸ਼ਨ ਛੱਡ ਕੇ ਸਰਕਾਰ ਨਾਲ ‘ਸਾਰਥਕ’ ਗੱਲਬਾਤ ਕਰੇ। ਇਹ ਜਾਣਕਾਰੀ ਸੋਮਵਾਰ ਨੂੰ ਇਕ ਖਬਰ ‘ਚ ਸਾਹਮਣੇ ਆਈ। ਦ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਸੈਨੇਟ ਦੇ ਚੇਅਰਮੈਨ ਯੂਸਫ ਰਜ਼ਾ ਗਿਲਾਨੀ ਅਤੇ ਯੋਜਨਾ ਮੰਤਰੀ ਅਹਿਸਾਨ ਇਕਬਾਲ ਨੇ ਗੱਲਬਾਤ ਲਈ ਤਿਆਰ ਰਹਿਣ ਦੇ ਸਰਕਾਰ ਦੇ ਰੁਖ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਮਰਾਨ ਦੀ ਪਾਰਟੀ ਨੂੰ ਇਹ ਤੈਅ ਕਰਨਾ ਚਾਹੀਦਾ ਹੈ ਕਿ ਉਹ ਕਿਸ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ।
ਲਾਹੌਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਲਾਨੀ ਨੇ ਗੱਲਬਾਤ ਕਰਨ ਲਈ ਸਰਕਾਰ ਦੀ ਇੱਛਾ ਨੂੰ ਦੁਹਰਾਇਆ। ਹਾਲਾਂਕਿ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ) ਕਿਸੇ ਹੋਰ ਨਾਲ ਗੱਲ ਕਰਨ ਦਾ ਇਰਾਦਾ ਰੱਖਦੀ ਹੈ। ਪੀ.ਪੀ.ਪੀ ਦੇ ਸੀਨੀਅਰ ਆਗੂ ਗਿਲਾਨੀ (71) ਨੇ ਕਿਹਾ ਕਿ ਦੇਸ਼ ਇਸ ਵੇਲੇ ਅਸਥਿਰਤਾ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਲਈ ਸਾਰੇ ਆਗੂਆਂ ਨੂੰ ਇਕੱਠੇ ਹੋਣਾ ਪਵੇਗਾ। ਅਖ਼ਬਾਰ ਨੇ ਗਿਲਾਨੀ ਦੇ ਹਵਾਲੇ ਨਾਲ ਕਿਹਾ ਕਿ ਪੀ.ਟੀ.ਆਈ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਵਿਰੋਧੀ ਧਿਰ ਵਿੱਚ ਹੋਣ ਦੇ ਬਾਵਜੂਦ ਉਹ ਗੱਲਬਾਤ ਲਈ ਤਿਆਰ ਸਨ ਜਦਕਿ ਪੀ.ਟੀ.ਆਈ ਅਜਿਹਾ ਨਹੀਂ ਚਾਹੁੰਦੀ ਸੀ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਗਿਲਾਨੀ ਨੇ ਕਿਹਾ ਕਿ ਪੀ.ਪੀ.ਪੀ ਮੌਜੂਦਾ ਸਰਕਾਰ ਦਾ ਸਮਰਥਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਪੀ.ਪੀ.ਪੀ ਨੇ ਕਦੇ ਇਹ ਸੰਕੇਤ ਨਹੀਂ ਦਿੱਤਾ ਕਿ ਉਹ ਸਰਕਾਰ ਦਾ ਹਿੱਸਾ ਨਹੀਂ ਹੈ। ਅਸੀਂ ਸਾਰੇ ਮਾਮਲਿਆਂ ‘ਤੇ ਸਰਕਾਰ ਦੇ ਨਾਲ ਹਾਂ।” ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸੂਬੇ ‘ਚ ਲੋਕਾਂ ਨੂੰ ਮੰਤਰੀ ਮੰਡਲ ‘ਚ ਸ਼ਾਮਲ ਕਰਨ ਲਈ ਪਾਰਟੀ ਅੰਦਰ ਚਰਚਾ ਚੱਲ ਰਹੀ ਹੈ। ਇਸ ਦੌਰਾਨ ਯੋਜਨਾ ਮੰਤਰੀ ਇਕਬਾਲ ਨੇ ਕਿਹਾ ਕਿ ਸਾਰਥਕ ਗੱਲਬਾਤ ਲਈ ਸਰਕਾਰ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ। ਇਕਬਾਲ ਨੇ ਕਿਹਾ ਕਿ ਪੀ.ਟੀ.ਆਈ ਖੈਬਰ-ਪਖਤੂਨਖਵਾ ਵਿਚ ਸੱਤਾਧਾਰੀ ਪਾਰਟੀ ਹੈ ਅਤੇ ਉਨ੍ਹਾਂ ਨੂੰ ਉਥੇ ਜਨਤਾ ਦੀ ਸੇਵਾ ਕਰਨੀ ਚਾਹੀਦੀ ਹੈ।