ਅੰਮ੍ਰਿਤਸਰ : ਪਾਕਿਸਤਾਨ ਦੀ ਸਰਕਾਰ ਇੱਥੋਂ ਦੇ ਇਤਿਹਾਸਕ ਸਿੱਖ ਗੁਰਦੁਆਰਿਆਂ ਅਤੇ ਹਿੰਦੂ ਮੰਦਰਾਂ ਨੂੰ ਸੈਰ-ਸਪਾਟੇ ਵਾਲੀ ਜਗ੍ਹਾ (ਟੂਰਿਸਟ ਸਪਾਟ) ਬਣਾਉਣ ‘ਤੇ ਵਿਸ਼ੇਸ਼ ਪ੍ਰਾਜੈਕਟ ‘ਤੇ ਕੰਮ ਕਰ ਰਹੀ ਹੈ। ਇਨ੍ਹਾਂ ਗੁਰਦੁਆਰਿਆਂ ਅਤੇ ਮੰਦਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਇੱਥੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਜਿਸ ਦੇ ਲਈ ਪਾਕਿ ਸਰਕਾਰ ਵਿਸ਼ਵ ਬੈਂਕ ਦੀ ਮਦਦ ਲਵੇਗੀ।
ਪਾਕਿਸਤਾਨ ‘ਚ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾਬ ਸਾਹਿਬ, ਗੁਰਦੁਆਰਾ ਡੇਰਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਮੌਜੂਦ ਹਨ। ਇਸ ਤੋਂ ਇਲਾਵਾ ਜ਼ਿਲਾ ਚਕਵਾਲ ‘ਚ ਹਿੰਦੂਆਂ ਦਾ ਪ੍ਰਸਿੱਧ ਤੀਰਥ ਸਥਾਨ ਕਟਾਸਰਾਜ, ਲਾਹੌਰ ‘ਚ ਸ਼੍ਰੀ ਰਾਧਾ-ਕ੍ਰਿਸ਼ਨ ਮੰਦਰ ਅਤੇ ਕਰਾਚੀ ‘ਚ ਸਿੰਧੀ ਸਮਾਜ ਦਾ ਇਤਿਹਾਸਕ ਮੰਦਰ ਮੌਜੂਦ ਹਨ। ਇਨ੍ਹਾਂ ਇਤਿਹਾਸਕ ਗੁਰਦੁਆਰਿਆਂ ਅਤੇ ਮੰਦਰਾਂ ‘ਚ ਹਰ ਸਾਲ ਦੇਸ਼-ਵਿਦੇਸ਼ ਤੋਂ ਸਿੱਖ ਅਤੇ ਹਿੰਦੂ ਸ਼ਰਧਾਲੂ ਦਰਸ਼ਨ ਕਰਨ ਲਈ ਆਉਂਦੇ ਹਨ।
ਪਾਕਿਸਤਾਨ ਦੀ ਪੰਜਾਬ ਅਸੈਂਬਲੀ ਦੇ ਇਕ ਮਾਤਰ ਸਿੱਖ ਵਿਧਾਇਕ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸ਼ਰਧਾਲੂਆਂ ਨੂੰ ਆਕਰਸ਼ਿਤ ਕਰਨ ਲਈ ਵੀਜ਼ਾ ਪ੍ਰਣਾਲੀ ਸੌਖੀ ਕਰਕੇ ਪਾਕਿਸਤਾਨ ‘ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 6 ਕਰੋੜ ਡਾਲਰ (ਕਰੀਬ ਚਾਰ ਅਰਬ ਰੁਪਏ) ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਸਤੰਬਰ-ਅਕਤੂਬਰ ‘ਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਜਾ ਰਹੇ ਬਲੂ ਪ੍ਰਿੰਟ ‘ਤੇ ਕੰਮ ਸ਼ੁਰੂ ਹੋ ਜਾਵੇਗਾ।
ਇਸ ਪ੍ਰਾਜੈਕਟ ਦੇ ਤਹਿਤ ਸਿੱਖ, ਹਿੰਦੂ ਅਤੇ ਬੁੱਧ ਧਰਮ ਦੇ ਮਹੱਤਵਪੂਰਨ ਸਥਾਨਾਂ ‘ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਪਾਕਿਸਤਾਨ ਅਕਾਫ ਬੋਰਡ ਹਿੰਦੂ ਅਤੇ ਸਿੱਖ ਤੀਰਥ ਸਥਾਨਾਂ ਦੀ ਮੁਰੰਮਤ ਦਾ ਕੰਮ ਕਰਾਉਂਦਾ ਹੈ। ਹੁਣ ਇਸ ਪ੍ਰਾਜੈਕਟ ਰਾਹੀਂ ਪਾਕਿਸਤਾਨ ਸਰਕਾਰ ਧਾਰਮਿਕ ਸਥਨਾਂ ਦੇ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਦੇ ਨਾਲ-ਨਾਲ ਉਸ ਦੇ ਬਾਹਰੀ ਵਿਕਾਸ ਨੂੰ ਵੀ ਤਵੱਜੋ ਦੇਵੇਗੀ।














