ਪਠਾਨਕੋਟ : ਪਠਾਨਕੋਟ ਪੁਲਸ ਨੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਬਣਿਆ ਹੋਇਆ ਸੀ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਸ ਨੇ ਸੁਜਾਨਪੁਰ ਖੇਤਰ ਤੋਂ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜੋ ਸਰਹੱਦ ਪਾਰ ਪਾਕਿਸਤਾਨ ‘ਚ ਆਪਣੇ ਹੈਂਡਲਰਾਂ ਨੂੰ ਭਾਰਤੀ ਖੁਫੀਆ ਜਾਣਕਾਰੀ ਅਤੇ ਲਾਈਵ ਫੁਟੇਜ ਭੇਜ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਪੁਲਸ ਨੂੰ ਸੁਜਾਨਪੁਰ ਖੇਤਰ ਵਿੱਚ ਸ਼ੱਕੀ ਗਤੀਵਿਧੀਆਂ ਸਬੰਧੀ ਇਨਪੁਟ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਜਾਲ ਵਿਛਾ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ੁਰੂਆਤੀ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਨੇ ਸੁਰੱਖਿਆ ਏਜੰਸੀਆਂ ਨੂੰ ਵੀ ਚੌਕਸ ਕਰ ਦਿੱਤਾ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਨੇ ਪੰਜਾਬ ਅਤੇ ਜੰਮੂ ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇ-44 ’ਤੇ ਸੁਜਾਨਪੁਰ ਦੇ ਪੁਲ ਨੰਬਰ 4 ਅਤੇ ਪੁਲ ਨੰਬਰ 5 ਦੇ ਵਿਚਕਾਰ ਸੀਸੀਟੀਵੀ ਕੈਮਰੇ ਲਗਾਏ ਹੋਏ ਸਨ। ਇਨ੍ਹਾਂ ਕੈਮਰਿਆਂ ਰਾਹੀਂ ਉਹ ਹਰ ਪਲ ਦੀ ਲਾਈਵ ਫੁਟੇਜ ਪਾਕਿਸਤਾਨ ਵਿੱਚ ਬੈਠੇ ਆਪਣੇ ਹੈਂਡਲਰਾਂ ਤੱਕ ਪਹੁੰਚਾ ਰਿਹਾ ਸੀ। ਪੁਲਸ ਮੁਤਾਬਕ ਇਹ ਗਤੀਵਿਧੀਆਂ ਦੇਸ਼ ਦੀ ਸੁਰੱਖਿਆ ਲਈ ਬਹੁਤ ਖਤਰਨਾਕ ਸਨ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੀ ਸਾਜ਼ਿਸ਼ ਵਿੱਚ ਵੀ ਸ਼ਾਮਲ ਸੀ ਅਤੇ ਇਸ ਮਾਮਲੇ ਵਿੱਚ ਉਸਦੇ ਤਿੰਨ ਹੋਰ ਸਾਥੀਆਂ ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਧੀ ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਲਈ ਜਾਸੂਸੀ ਕਰ ਰਿਹਾ ਸੀ। ਉਸ ਨੇ ਨੈਸ਼ਨਲ ਹਾਈਵੇ-44 ’ਤੇ ਸੀਸੀਟੀਵੀ ਕੈਮਰੇ ਲਗਾ ਕੇ ਉਨ੍ਹਾਂ ਦੀ ਫੁਟੇਜ ਵਿਦੇਸ਼ਾਂ ਵਿੱਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਤੱਕ ਭੇਜੀ। ਪੁਲਸ ਮੁਤਾਬਕ ਮੁਲਜ਼ਮ ਇਹ ਸਭ ਨਸ਼ੀਲੇ ਪਦਾਰਥਾਂ ਦੇ ਲਾਲਚ ਵਿੱਚ ਕਰ ਰਿਹਾ ਸੀ। ਮਾਮਲੇ ਵਿੱਚ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।















