ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਜੀਠੀਆ ਦੇ ਨਿਸ਼ਾਨੇ ‘ਤੇ ਆਮ ਆਦਮੀ ਪਾਰਟੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਚੀਮਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਵਿੱਤ ਮੰਤਰੀ ‘ਤੇ “ਦੋਹਰਾ ਚਿਹਰਾ” ਰੱਖਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਕਰਮਚਾਰੀਆਂ ਲਈ ਲਾਜ਼ਮੀ ਦੱਸਿਆ ਗਿਆ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਹੁਣ ਤੱਕ ਇਸ ਨੂੰ ਬਹਾਲ ਨਹੀਂ ਕੀਤਾ ਗਿਆ। ਮਜੀਠੀਆ ਅਨੁਸਾਰ ਸਰਕਾਰ ਨੂੰ ਬਣਿਆਂ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਹ ਵਾਅਦਾ ਵਫ਼ਾ ਨਹੀਂ ਹੋਇਆ।
ਅਕਾਲੀ ਆਗੂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਾਅਦੇ ਤਾਂ ਬਹੁਤ ਉੱਚੇ ਸਨ ਪਰ ਉਨ੍ਹਾਂ ਨੂੰ ਨਿਭਾਉਣ ਦੀ ਘਾਟ ਸਾਫ਼ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀ ਕਥਨੀ ਅਤੇ ਕਰਨੀ ਵਿਚ ਬਹੁਤ ਵੱਡਾ ਫਰਕ ਹੈ।