ਪ੍ਰਾਇਮਰੀ ਅਤੇ ਮਾਸਟਰ ਕੇਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਹੋਵੇਗੀ : ਹਰਪਾਲ ਚੀਮਾ

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਸਿੱਖਿਆ ਵਿਭਾਗ ਨੂੰ ਪ੍ਰਾਇਮਰੀ ਸਪੈਸ਼ਲ ਐਜੂਕੇਟਰਾਂ ਅਤੇ ਮਾਸਟਰ ਕੇਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਲਈ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਅਤੇ ਮੁਲਾਜ਼ਮਾਂ ਤੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਬੇਰੋਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਦੇ ਨੁਮਾਇੰਦਿਆਂ ਨੇ ਸਪੈਸ਼ਲ ਐਜੂਕੇਟਰਾਂ ਦੀ ਜਲਦ ਭਰਤੀ ਦੀ ਮੰਗ ਨੂੰ ਲੈ ਕੇ ਮੰਗ-ਪੱਤਰ ਸੌਂਪਿਆ ਸੀ, ਜਿਸ ’ਤੇ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਲੋੜੀਂਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ। ਇਸ ਦੌਰਾਨ ਵਿੱਤ ਮੰਤਰੀ ਨੇ 6 ਹੋਰ ਮੁਲਾਜ਼ਮ ਜਥੇਬੰਦੀਆਂ ਅਤੇ ਬੇਰੋਜ਼ਗਾਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵੀ ਉਨ੍ਹਾਂ ਦੀਆਂ ਮੰਗਾਂ ’ਤੇ ਚਰਚਾ ਕਰਨ ਲਈ ਮੀਟਿੰਗਾਂ ਕੀਤੀਆਂ। ਇਨ੍ਹਾਂ ’ਚ 180 ਈ. ਟੀ. ਟੀ. ਅਧਿਆਪਕ ਯੂਨੀਅਨ, ਪੰਜਾਬ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ; ਹੋਮਗਾਰਡ ਵੈੱਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ; ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ; ਈ. ਟੀ. ਟੀ. 2364 ਅਧਿਆਪਕ ਯੂਨੀਅਨ, ਪੰਜਾਬ ਅਤੇ ਬੇਰੋਜ਼ਗਾਰ ਸਾਂਝਾ ਮੋਰਚਾ ਪੰਜਾਬ ਸ਼ਾਮਲ ਸਨ।