ਲੁਧਿਆਣਾ- ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਨੇ ਘਰ-ਘਰ ਰਾਸ਼ਨ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ। ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ-ਘਰ ਜਾ ਕੇ ਲੋਕਾਂ ਨੂੰ ਰਾਸ਼ਨ ਵੰਡਿਆ। ਉਨ੍ਹਾਂ ਨੇ ਲੋਕਾਂ ਨੂੰ ਸਕੀਮ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ‘ਚ ‘ਆਪ’ ਇਕੱਲੇ ਚੋਣਾਂ ਲੜੇਗੀ। 2 ਮਹੀਨੇ ਬਾਅਦ ਲੋਕ ਸਭਾ ਚੋਣਾਂ ਹਨ। ਪੰਜਾਬ ‘ਚ 13 ਸੀਟਾਂ ਹਨ ਅਤੇ ਇਕ ਚੰਡੀਗੜ੍ਹ ਦੀ ਹੈ। ਆਉਣ ਵਾਲੇ 14-15 ਦਿਨਾਂ ‘ਚ 14 ਸੀਟਾਂ ‘ਤੇ ਉਮੀਦਵਾਰ ਐਲਾਨ ਕਰ ਦੇਵਾਂਗੇ। ਵਾਅਦਾ ਕਰੋ ਕਿ ਇਹ ਸਾਰੀਆਂ 14 ਦੀਆਂ 14 ਸੀਟਾਂ ਆਮ ਆਦਮੀ ਪਾਰਟੀ ਨੂੰ ਦੇਣੀਆਂ ਹਨ।















