ਪੰਜਾਬ ‘ਚ ਕੜਾਕੇ ਦੀ ਠੰਡ ਦਰਮਿਆਨ ਬੱਚਿਆਂ ਤੇ ਬਜ਼ੁਰਗਾਂ ਲਈ ਜਾਰੀ ਹੋਈ ਐਡਵਾਈਜ਼ਰੀ

ਨਵਾਂਸ਼ਹਿਰ- ਪੰਜਾਬ ‘ਚ ਤਾਪਮਾਨ ‘ਚ ਲਗਾਤਾਰ ਆ ਰਹੀ ਗਿਰਾਵਟ ਅਤੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਆਮ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਵਿਸਤ੍ਰਿਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੱਕ ਠੰਡ ਦੇ ਸੰਪਰਕ ‘ਚ ਰਹਿਣ ਨਾਲ ਫਲੂ, ਜ਼ੁਕਾਮ, ਨੱਕ ਵਗਣਾ, ਹਾਈਪੋਥਰਮੀਆ ਵਰਗੀਆਂ ਸਿਹਤ ਸਮੱਸਿਆਵਾਂ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ ਲੋਕਾਂ ਨੂੰ ਸਰਦੀਆਂ ਦੇ ਮੌਸਮ ਦੌਰਾਨ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਭਾਰਤੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਜਾਣ ਵਾਲੀਆਂ ਮੌਸਮ ਸਬੰਧੀ ਚਿਤਾਵਨੀਆਂ ਅਤੇ ਭਵਿੱਖਬਾਣੀਆਂ ’ਤੇ ਨਜ਼ਰ ਰੱਖਣੀ ਚਾਹੀਦੀ ਹੈ। ਰੇਡੀਓ ਸੁਣਨ, ਟੈਲੀਵਿਜ਼ਨ ਵੇਖਣ ਅਤੇ ਅਖ਼ਬਾਰਾਂ ਰਾਹੀਂ ਮੌਸਮ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਸਰਦੀਆਂ ਦੀਆਂ ਲੋੜੀਂਦੀਆਂ ਤਿਆਰੀਆਂ ਪਹਿਲਾਂ ਹੀ ਕਰ ਲੈਣੀਆਂ ਚਾਹੀਦੀਆਂ ਹਨ। ਘਰ ‘ਚ ਗਰਮ ਕੱਪੜੇ, ਲੋੜੀਂਦੀਆਂ ਦਵਾਈਆਂ, ਪੀਣ ਵਾਲਾ ਪਾਣੀ, ਵਾਧੂ ਭੋਜਨ ਅਤੇ ਹੋਰ ਜ਼ਰੂਰੀ ਸਮਾਨ ਉਪਲੱਬਧ ਰੱਖਿਆ ਜਾਵੇ। ਸਿਵਲ ਸਰਜਨ ਨੇ ਦੱਸਿਆ ਕਿ ਸਰਦੀਆਂ ਦੌਰਾਨ ਸਰੀਰ ਨੂੰ ਠੰਡ ਤੋਂ ਬਚਾਉਣ ਲਈ ਕੱਪੜਿਆਂ ਦੀਆਂ ਕਈ ਪਰਤਾਂ ਪਹਿਨਣੀਆਂ ਚਾਹੀਦੀਆਂ ਹਨ। ਤੰਗ ਕੱਪੜਿਆਂ ਦੀ ਬਜਾਏ ਢਿੱਲੇ ਅਤੇ ਗਰਮ ਕੱਪੜੇ ਪਹਿਨਣ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਤੰਗ ਕੱਪੜੇ ਖੂਨ ਦੇ ਸੰਚਾਰ ਨੂੰ ਪ੍ਰਭਾਵਿਤ ਕਰ ਸਕਦੇ ਹਨ। ਸਰੀਰ ਦੀ ਗਰਮੀ ਬਰਕਰਾਰ ਰੱਖਣ ਲਈ ਉੱਨੀ ਅਤੇ ਹਵਾ ਤੋਂ ਬਚਾਅ ਕਰਨ ਵਾਲੇ ਕੱਪੜੇ ਪਹਿਨੇ ਜਾਣ। ਸਿਰ, ਗਰਦਨ, ਕੰਨ, ਹੱਥਾਂ ਅਤੇ ਪੈਰਾਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ। ਟੋਪੀ, ਮਫ਼ਲਰ, ਦਸਤਾਨੇ, ਗਰਮ ਜੁਰਾਬਾਂ ਅਤੇ ਪਾਣੀ ਤੋਂ ਬਚਾਅ ਕਰਨ ਵਾਲੇ ਜੁੱਤਿਆਂ ਦੀ ਵਰਤੋਂ ਕੀਤੀ ਜਾਵੇ। ਜੇਕਰ ਕੱਪੜੇ ਗਿੱਲੇ ਹੋ ਜਾਣ ਤਾਂ ਉਨ੍ਹਾਂ ਨੂੰ ਤੁਰੰਤ ਬਦਲ ਕੇ ਸਰੀਰ ਨੂੰ ਸੁੱਕਾ ਅਤੇ ਨਿੱਘਾ ਰੱਖਿਆ ਜਾਵੇ। ਬੇਲੋੜੀ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਠੰਢੀਆਂ ਹਵਾਵਾਂ ਦੇ ਸਿੱਧੇ ਸੰਪਰਕ ਤੋਂ ਬਚਿਆ ਜਾਵੇ।
ਉਨ੍ਹਾਂ ਕਿਹਾ ਕਿ ਸਰਦੀਆਂ ਵਿੱਚ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਬਣਾਈ ਰੱਖਣ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣੀ ਬਹੁਤ ਜ਼ਰੂਰੀ ਹੈ। ਵਿਟਾਮਿਨ-ਸੀ ਨਾਲ ਭਰਪੂਰ ਫਲਾਂ ਅਤੇ ਹਰੀਆਂ ਸਬਜ਼ੀਆਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ। ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣ ਦੇ ਨਾਲ-ਨਾਲ ਗਰਮ ਤਰਲ ਪਦਾਰਥਾਂ ਦੀ ਵਰਤੋਂ ਕੀਤੀ ਜਾਵੇ। ਚਮੜੀ ਨੂੰ ਖੁਸ਼ਕ ਹੋਣ ਤੋਂ ਬਚਾਉਣ ਲਈ ਤੇਲ, ਪੈਟਰੋਲੀਅਮ ਜੈਲੀ ਜਾਂ ਮਾਇਸਚਰਾਈਜ਼ਰ ਦੀ ਵਰਤੋਂ ਕੀਤੀ ਜਾਵੇ। ਠੰਢ ਤੋਂ ਬਚਣ ਲਈ ਸ਼ਰਾਬ ਅਤੇ ਸਿਗਰਟਨੋਸ਼ੀ ਦਾ ਸਹਾਰਾ ਨਾ ਲਿਆ ਜਾਵੇ। ਡਾ. ਗੀਤਾਂਜਲੀ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਪਹਿਲਾਂ ਤੋਂ ਕਿਸੇ ਬੀਮਾਰੀ ਤੋਂ ਪੀੜਤ ਵਿਅਕਤੀਆਂ ਦੀ ਸਰਦੀਆਂ ਦੌਰਾਨ ਵਧੇਰੇ ਦੇਖਭਾਲ ਕੀਤੀ ਜਾਵੇ। ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਲੰਬੇ ਸਮੇਂ ਤੱਕ ਠੰਡ ਦੇ ਸੰਪਰਕ ਵਿੱਚ ਨਾ ਰਹਿਣ ਦਿੱਤਾ ਜਾਵੇ। ਇਕੱਲੇ ਰਹਿਣ ਵਾਲੇ ਬਜ਼ੁਰਗਾਂ ਅਤੇ ਲੋੜਵੰਦ ਗੁਆਂਢੀਆਂ ਦੀ ਸਮੇਂ-ਸਮੇਂ ’ਤੇ ਸਿਹਤ ਦਾ ਹਾਲ ਜਾਣਿਆ ਜਾਵੇ ਅਤੇ ਲੋੜ ਪੈਣ ’ਤੇ ਉਨ੍ਹਾਂ ਦੀ ਮਦਦ ਕੀਤੀ ਜਾਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਠੰਡ ਤੋਂ ਬਚਣ ਲਈ ਅੰਗੀਠੀ, ਕੋਲਾ ਜਾਂ ਹੋਰ ਬਾਲਣ ਦੀ ਵਰਤੋਂ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ। ਬੰਦ ਕਮਰੇ ‘ਚ ਅੰਗੀਠੀ ਜਾਂ ਕੋਲਾ ਨਾ ਬਾਲਿਆ ਜਾਵੇ, ਕਿਉਂਕਿ ਇਸ ਨਾਲ ਕਾਰਬਨ ਮੋਨੋਆਕਸਾਈਡ ਵਰਗੀ ਜ਼ਹਿਰੀਲੀ ਗੈਸ ਇਕੱਠੀ ਹੋ ਸਕਦੀ ਹੈ, ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਜੇਕਰ ਹੀਟਰ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਅੱਗ ਲੱਗਣ ਅਤੇ ਬਿਜਲੀ ਦੇ ਖ਼ਤਰੇ ਤੋਂ ਬਚਾਅ ਲਈ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ।
ਸਿਵਲ ਸਰਜਨ ਨੇ ਦੱਸਿਆ ਕਿ ਲੰਬੇ ਸਮੇਂ ਤੱਕ ਬਹੁਤ ਜ਼ਿਆਦਾ ਠੰਡ ਦੇ ਸੰਪਰਕ ‘ਚ ਰਹਿਣ ਨਾਲ ਸਰੀਰ ਦੇ ਖੁੱਲ੍ਹੇ ਅੰਗਾਂ ਦੀ ਚਮੜੀ ਫਿੱਕੀ, ਸਖ਼ਤ ਅਤੇ ਸੁੰਨ ਹੋ ਸਕਦੀ ਹੈ। ਹੱਥਾਂ ਦੀਆਂ ਉਂਗਲਾਂ, ਪੈਰਾਂ ਦੀਆਂ ਉਂਗਲਾਂ, ਕੰਨਾਂ ਦੀਆਂ ਲੋਬਾਂ ਅਤੇ ਨੱਕ ਦੇ ਸਿਰੇ ਦਾ ਚਿੱਟਾ ਜਾਂ ਫਿੱਕਾ ਪੈਣਾ ਫਰੌਸਟਬਾਈਟ ਦੇ ਲੱਛਣ ਹੋ ਸਕਦੇ ਹਨ। ਅਜਿਹੀ ਸਥਿਤੀ ਵਿੱਚ ਪ੍ਰਭਾਵਿਤ ਵਿਅਕਤੀ ਨੂੰ ਤੁਰੰਤ ਨਿੱਘੀ ਥਾਂ ’ਤੇ ਲਿਜਾਇਆ ਜਾਵੇ ਅਤੇ ਡਾਕਟਰੀ ਸਹਾਇਤਾ ਲਈ ਜਾਵੇ। ਪ੍ਰਭਾਵਿਤ ਅੰਗ ਨੂੰ ਰਗੜਨਾ, ਮਾਲਿਸ਼ ਕਰਨਾ ਜਾਂ ਸਿੱਧੀ ਅੱਗ ਅਤੇ ਬਹੁਤ ਗਰਮ ਪਾਣੀ ਨਾਲ ਸੇਕਣਾ ਨਹੀਂ ਚਾਹੀਦਾ। ਡਾਕਟਰੀ ਸਲਾਹ ਮੁਤਾਬਕ ਕੋਸੇ ਪਾਣੀ ਨਾਲ ਪ੍ਰਭਾਵਿਤ ਹਿੱਸੇ ਨੂੰ ਹੌਲੀ-ਹੌਲੀ ਨਿੱਘਾ ਕੀਤਾ ਜਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਬਹੁਤ ਜ਼ਿਆਦਾ ਠੰਢ ਦੇ ਸੰਪਰਕ ਵਿੱਚ ਰਹਿਣ ਨਾਲ ਹਾਈਪੋਥਰਮੀਆ ਵੀ ਹੋ ਸਕਦਾ ਹੈ, ਜਿਸ ਵਿੱਚ ਸਰੀਰ ਦਾ ਤਾਪਮਾਨ ਆਮ ਨਾਲੋਂ ਬਹੁਤ ਘੱਟ ਹੋ ਜਾਂਦਾ ਹੈ। ਲਗਾਤਾਰ ਕੰਬਣੀ, ਬੋਲਣ ਵਿੱਚ ਮੁਸ਼ਕਲ, ਬਹੁਤ ਜ਼ਿਆਦਾ ਨੀਂਦ ਆਉਣਾ, ਮਾਸਪੇਸ਼ੀਆਂ ਵਿੱਚ ਅਕੜਾਅ, ਉਲਝਣ, ਸਰੀਰਕ ਕਮਜ਼ੋਰੀ ਅਤੇ ਸਾਹ ਲੈਣ ਵਿੱਚ ਦਿੱਕਤ ਇਸ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਮਰੀਜ਼ ਨੂੰ ਤੁਰੰਤ ਨਿੱਘੀ ਥਾਂ ’ਤੇ ਲਿਜਾ ਕੇ ਗਿੱਲੇ ਕੱਪੜੇ ਬਦਲਵਾਏ ਜਾਣ ਅਤੇ ਬਿਨਾਂ ਦੇਰੀ ਹਸਪਤਾਲ ਪਹੁੰਚਾਇਆ ਜਾਵੇ। ਹਾਈਪੋਥਰਮੀਆ ਇੱਕ ਮੈਡੀਕਲ ਐਮਰਜੈਂਸੀ ਹੈ, ਜਿਸ ਵਿੱਚ ਤੁਰੰਤ ਡਾਕਟਰੀ ਸਹਾਇਤਾ ਲੈਣੀ ਬੇਹੱਦ ਜ਼ਰੂਰੀ ਹੈ। ਅੰਤ ਵਿੱਚ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਦੀਆਂ ਦੇ ਮੌਸਮ ਦੌਰਾਨ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ, ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਠੰਡ ਕਾਰਨ ਹੋਣ ਵਾਲੇ ਕਿਸੇ ਵੀ ਗੰਭੀਰ ਲੱਛਣ ਨੂੰ ਨਜ਼ਰਅੰਦਾਜ਼ ਨਾ ਕਰਨ। ਸਮੇਂ ਸਿਰ ਡਾਕਟਰੀ ਸਲਾਹ ਅਤੇ ਲੋੜੀਂਦੀਆਂ ਸਾਵਧਾਨੀਆਂ ਅਪਣਾ ਕੇ ਸਰਦੀਆਂ ਦੌਰਾਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।