ਲੁਧਿਆਣਾ : ਪੰਜਾਬ ’ਚ ਨਗਰ ਨਿਗਮ ਚੋਣ ਕਰਵਾਉਣ ਨੂੰ ਲੈ ਕੇ ਫਿਰ ਫ਼ੈਸਲਾ ਨਹੀਂ ਹੋ ਸਕਿਆ ਅਤੇ ਇਸ ਕੇਸ ਦੀ ਸੁਣਵਾਈ ਹੁਣ ਮਾਰਚ ’ਚ ਹੋਵੇਗੀ। ਇਸ ਮਾਮਲੇ ’ਚ ਅੰਮ੍ਰਿਤਸਰ ਦੇ ਰਹਿਣ ਵਾਲੇ ਪੀ. ਸੀ. ਬਾਲੀ ਵੱਲੋਂ ਅਦਾਲਤ ’ਚ ਦਾਇਰ ਕੀਤੀ ਗਈ ਪਟੀਸ਼ਨ ’ਚ ਮੁੱਦਾ ਚੁੱਕਿਆ ਗਿਆ ਹੈ। ਲੁਧਿਆਣਾ ਸਮੇਤ ਪੰਜਾਬ ਦੀਆਂ 5 ਨਗਰ ਨਿਗਮਾਂ ਦਾ ਕਾਰਜਕਾਲ ਪਿਛਲੇ ਸਾਲ ਜਨਵਰੀ ਤੋਂ ਲੈ ਕੇ ਅਪ੍ਰੈਲ ਦੌਰਾਨ ਪੂਰਾ ਹੋ ਚੁੱਕਾ ਹੈ ਪਰ ਹੁਣ ਤੱਕ ਸਰਕਾਰ ਵੱਲੋਂ ਨਵੇਂ ਸਿਰੇ ਤੋਂ ਨਗਰ ਨਿਗਮ ਦੀ ਚੋਣ ਕਰਵਾਉਣ ਲਈ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ, ਜਿਸ ਨਾਲ ਸੰਵਿਧਾਨ ਦੇ ਨਾਲ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ ਦੇ ਨਿਯਮਾਂ ਦੀ ਉਲੰਘਣਾ ਹੋ ਰਿਹਾ ਹੈ।
ਇਸ ਕੇਸ ਦੀ 5 ਜਨਵਰੀ ਨੂੰ ਹੋਈ ਪਹਿਲੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਸਰਕਾਰ ਨੂੰ ਇਕ ਹਫ਼ਤੇ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਸਰਕਾਰ ਵੱਲੋਂ ਵਾਰਡਬੰਦੀ ਨੂੰ ਲੈ ਕੇ ਸੁਪਰੀਮ ਕੋਰਟ ’ਚ ਕੇਸ ਪੈਂਡਿੰਗ ਹੋਣ ਦਾ ਹਵਾਲਾ ਦਿੱਤਾ ਗਿਆ।















