ਚੰਡੀਗੜ੍ਹ : ਪੂਰੇ ਦੇਸ਼ ‘ਚ ਨੀਟ ਪੇਪਰ ਲੀਕ ਮਾਮਲੇ ਤੋਂ ਬਾਅਦ ਹੁਣ ਪੰਜਾਬ ‘ਚ ਵੀ ਫਾਰਮੇਸੀ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ‘ਤੇ ਵਿਰੋਧੀ ਧਿਰਾਂ ਵਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ 4 ਸਾਲਾਂ ‘ਚ ਪੰਜਾਬ ਦੇ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਗਿਆ ਹੈ ਅਤੇ ਸੂਬੇ ‘ਚ ਪੇਪਰ ਲੀਕ ਹੋਣ ਦੀ ਇਹ ਚੌਥੀ ਘਟਨਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੇਜਰੀਵਾਲ ਦਿੱਲੀ ‘ਚ ਧਰਨੇ ਲਗਵਾਉਂਦੇ ਸਨ, ਉਹ ਪੰਜਾਬ ਲਈ ਹੁਣ ਚੁੱਪ ਕਿਉਂ ਹਨ?
ਤਰੁਣ ਚੁੱਘ ਨੇ ਕਿਹਾ ਕਿ ਕੀ ਇਸ ਪਿੱਛੇ ਮਾਫ਼ੀਆ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਾਂ ਫਿਰ ਪਾਰਟੀ ਦੇ ਲੋਕ ਖ਼ੁਦ ਇਹ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਨੇ ਅਜੇ ਤੱਕ ਅਸਤੀਫ਼ਾ ਕਿਉਂ ਨਹੀਂ ਦਿੱਤਾ ਅਤੇ ਇਹ ਦੋਹਰਾ ਮਾਪਦੰਡ ਨਹੀਂ ਚੱਲੇਗਾ। ਤਰੁਣ ਚੁੱਘ ਨੇ ਮੰਗ ਕੀਤੀ ਕਿ ਇਸ ਮਾਮਲੇ ਨੂੰ ਲੈ ਕੇ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਸੂਬੇ ਦੇ ਸਿੱਖਿਆ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।















