ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੂਰੇ ਪੰਜਾਬ ’ਚ ਅਦਾਲਤ ਦੀ ਅਗਾਊਂ ਇਜਾਜ਼ਤ ਤੋਂ ਬਗ਼ੈਰ ਰੁੱਖਾਂ ਦੀ ਕਟਾਈ ’ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅਗਲੀ ਸੁਣਵਾਈ ਜਾਂ ਵਿਸ਼ੇਸ਼ ਇਜਾਜ਼ਤ ਤੋਂ ਬਗ਼ੈਰ ਸੂਬੇ ’ਚ ਕਿਤੇ ਵੀ ਰੁੱਖ ਨਹੀਂ ਕੱਟੇ ਜਾਣਗੇ। ਅਦਾਲਤ ਨੇ ਇਹ ਹੁਕਮ ਮੋਹਾਲੀ ਦੇ ਏਅਰਪੋਰਟ ਰੋਡ ’ਤੇ ਪ੍ਰਸਤਾਵਿਤ ਤਕਰੀਬਨ 250 ਰੁੱਖਾਂ ਦੀ ਕਟਾਈ ਖ਼ਿਲਾਫ਼ ਦਾਖ਼ਲ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਤਾ।
ਪਟੀਸ਼ਨ ’ਚ ਕਿਹਾ ਗਿਆ ਸੀ ਕਿ ਵਿਕਾਸ ਪ੍ਰਾਜੈਕਟਾਂ ਦੇ ਨਾਂ ’ਤੇ ਵਾਤਾਵਰਨ ਦੇ ਮਿਆਰਾਂ ਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਅਣਦੇਖੀ ਕਰਦਿਆਂ ਵੱਡੇ ਪੱਧਰ ’ਤੇ ਰੁੱਖਾਂ ਦੀ ਕਟਾਈ ਕੀਤੀ ਜਾ ਰਹੀ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ ਅਤੇ ਪੁੱਛਿਆ ਹੈ ਕਿ ਸੂਬੇ ’ਚ ਵੱਖ-ਵੱਖ ਪ੍ਰਾਜੈਕਟਾਂ ਤਹਿਤ ਹੋ ਰਹੀ ਰੁੱਖਾਂ ਦੀ ਕਟਾਈ ਨੂੰ ਲੈ ਕੇ ਹੁਣ ਤੱਕ ਕੀ ਕਾਨੂੰਨੀ ਇਜਾਜ਼ਤ ਲਈ ਹੈ। ਇਹ ਜਨਹਿੱਤ ਪਟੀਸ਼ਨ ਮੋਹਾਲੀ ਵਾਸੀ ਸ਼ੁਭਮ ਸੇਖੋਂ ਵੱਲੋਂ ਦਾਖ਼ਲ ਕੀਤੀ ਗਈ ਹੈ।















