ਬਟਾਲਾ – ਬਟਾਲਾ ਦੇ ਗਾਂਧੀ ਕੈਂਪ ਇਲਾਕੇ ‘ਚ ਸਵੇਰੇ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੋਂ ਦੇ ਰਹਿਣ ਵਾਲੇ ਪਾਸਟਰ ਬਲਵਿੰਦਰ ਪਾਲ ਉਰਫ਼ ਲਾਡੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬਲਵਿੰਦਰ ਪਾਲ ਆਪਣੇ ਘਰ ‘ਚ ਹੀ ਚਰਚ ਚਲਾਉਂਦਾ ਸੀ। ਅੱਜ ਸਵੇਰੇ ਕੁਝ ਵਿਅਕਤੀ ਉਸ ਦੇ ਘਰ ‘ਚ ਦਾਖਲ ਹੋਏ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਪਰਿਵਾਰਿਕ ਮੈਂਬਰ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਬਲਵਿੰਦਰ ਪਾਲ ਘਰ ‘ਚ ਇਕੱਲਾ ਹੀ ਰਹਿੰਦਾ ਸੀ। ਮ੍ਰਿਤਕ ਦੇ ਭਤੀਜੇ ਸੰਨੀ ਨੇ ਦੱਸਿਆ ਕਿ ਉਸ ਦੇ ਚਾਚੇ ਦੀ ਕਿਸੇ ਨਾਲ ਕੋਈ ਰੰਜਿਸ਼ ਜਾਂ ਦੁਸ਼ਮਣੀ ਨਹੀਂ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਸ ਮੌਕੇ ‘ਤੇ ਪਹੁੰਚੀ। ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਗਾਂਧੀ ਕੈਂਪ ਨਿਵਾਸੀ ਪਾਸਟਰ ਬਲਵਿੰਦਰ ਪਾਲ ‘ਤੇ ਹਮਲਾ ਹੋਇਆ ਹੈ, ਪਰ ਜਾਂਚ ਦੌਰਾਨ ਪਤਾ ਲੱਗਾ ਕਿ ਉਸ ਦੀ ਹਸਪਤਾਲ ‘ਚ ਮੌਤ ਹੋ ਚੁੱਕੀ ਹੈ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਗਾਂਧੀ ਕੈਂਪ ਦੇ ਹੀ ਰਹਿਣ ਵਾਲੇ ਨਰੇਸ਼ ਨਾਮ ਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।















