ਪੰਜਾਬ ‘ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼

ਗੜ੍ਹਸ਼ੰਕਰ – ਪੰਜਾਬ ‘ਚ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਮਾਹਿਲਪੁਰ ਪੁਲਸ ਨੇ ਇਕ 15 ਸਾਲਾ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੀੜਤ ਲੜਕੀ ਦੇ ਪਿਤਾ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਕੀਤੀ ਗਈ ਹੈ।
ਪੁਲਸ ਕੋਲ ਦਰਜ ਸ਼ਿਕਾਇਤ ’ਚ ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਸ ਦੀ 15 ਸਾਲਾ ਬੇਟੀ ਸਕੂਲ ’ਚ ਅਚਾਨਕ ਬੀਮਾਰ ਹੋ ਗਈ ਸੀ। ਜਦੋਂ ਪਰਿਵਾਰ ਨੇ ਉਸ ਦਾ ਮੈਡੀਕਲ ਚੈੱਕਅਪ ਕਰਵਾਇਆ ਤਾਂ ਡਾਕਟਰੀ ਜਾਂਚ ਦੌਰਾਨ ਪਤਾ ਲੱਗਾ ਕਿ ਲੜਕੀ 4-5 ਮਹੀਨਿਆਂ ਦੀ ਗਰਭਵਤੀ ਹੈ। ਇਸ ਤੋਂ ਬਾਅਦ ਜਦੋਂ ਪਰਿਵਾਰ ਨੇ ਲੜਕੀ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਆਪਣੇ ਨਾਲ ਵਾਪਰੀ ਹੱਡ-ਬੀਤੀ ਸੁਣਾਈ।
ਪੀੜਤਾ ਨੇ ਪਰਿਵਾਰ ਨੂੰ ਦੱਸਿਆ ਕਿ ਰਾਹੁਲ ਗਿੱਲ ਉਸ ਨੂੰ ਬਹਿਲਾ-ਫੁਸਲਾ ਕੇ ਆਪਣੇ ਘਰ ਲੈ ਗਿਆ ਸੀ, ਜਿੱਥੇ ਉਸ ਨੇ ਕੁੜੀ ਨਾਲ ਗਲਤ ਕੰਮ ਕੀਤਾ। ਇਸ ਤੋਂ ਬਾਅਦ ਜਸਵਿੰਦਰ ਸਿੰਘ ਬੈਂਸ ਨੇ ਵੀ ਉਸ ਨਾਲ ਜ਼ਬਰਦਸਤੀ ਸੰਬੰਧ ਬਣਾਏ। ਮੁਲਜ਼ਮ ਕੁੜੀ ਨੂੰ ਧਮਕੀ ਦਿੰਦੇ ਸਨ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਪੁਲਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਪੋਕਸੋ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਹੇਠ ਕੇਸ ਦਰਜ ਕਰਕੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ।