ਹੁਸ਼ਿਆਰਪੁਰ – ਹੁਸ਼ਿਆਰਪੁਰ ਪੁਲਸ ਨੇ ਇਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਦੇ ਅੰਤਰਰਾਜੀ ਅਤੇ ਵਿਦੇਸ਼ੀ ਸੰਬੰਧ ਹਨ। ਪੁਲਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 9.925 ਕਿਲੋਗ੍ਰਾਮ ਹੈਰੋਇਨ, ਦੋ ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਅਤੇ 40 ਕਾਰਤੂਸ ਬਰਾਮਦ ਕੀਤੇ ਹਨ।
ਪੁਲਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ਾਂ ‘ਚ ਸਥਿਤ ਗੈਂਗਸਟਰਾਂ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ‘ਚ ਸ਼ਾਮਲ ਸਨ। ਇਸ ਸਬੰਧ ‘ਚ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਸ ਥਾਣੇ ‘ਚ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਜਾਂਚ ਜਾਰੀ ਹੈ।













