ਪੰਜਾਬ ‘ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ

ਚੰਡੀਗੜ੍ਹ: ਪੰਜਾਬ ‘ਚ ਮਾਨਸੂਨ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਮੌਸਮ ਵਿਭਾਗ ਨੇ ਆਉਣ ਵਾਲੇ 5 ਦਿਨਾਂ ਲਈ ਜ਼ਿਲ੍ਹਾ ਵਾਰ ਭਵਿੱਖਬਾਣੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ 31 ਅਗਸਤ ਤੱਕ ਤਾਂ ਮੌਸਮ ਖੁਸ਼ਕ ਰਹੇਗਾ, ਪਰ 1 ਅਤੇ 2 ਸਤੰਬਰ ਨੂੰ ਸੂਬੇ ਭਰ ‘ਚ ਮੀਂਹ ਦਾ ਦਾਇਰਾ ਤੇਜ਼ੀ ਨਾਲ ਵਧੇਗਾ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੌਸਮ ਖੁਸ਼ਕ ਰਹੇਗਾ। ਸਿਰਫ਼ ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ) ‘ਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 31 ਅਗਲਤ ਨੂੰ ਮੀਂਹ ਦਾ ਦਾਇਰਾ ਵਧੇਗਾ। ਜਿਥੇ ਕਿ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਸਮੇਤ ਕਿਤੇ-ਕਿਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਮਾਲਵੇ ਦੇ ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ‘ਚ ਅਜੇ ਵੀ ਮੌਸਮ ਖੁਸ਼ਕ ਰਹੇਗਾ।
ਮੌਸਮ ਵਿਭਾਗ ਮੁਤਾਬਕ 1 ਤੇ 2 ਸਤੰਬਰ ਨੂੰ ਪੰਜਾਬ ਦੇ ਵੱਡੇ ਪੱਧਰ ‘ਚ ਮਾਨਸੂਨ ਫਿਰ ਸਰਗਰਮ ਹੋਵੇਗਾ। 1 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਵੇਗੀ।
ਉੱਥੇ ਹੀ 2 ਸਤੰਬਰ ਨੂੰ ਤਾਂ ਲਗਭਗ ਪੂਰੇ ਪੰਜਾਬ ‘ਚ ਹੀ ਮੀਂਹ ਦੀ ਸੰਭਾਵਨਾ ਹੈ। ਇਸ ਦਿਨ ਬਠਿੰਡਾ, ਮਾਨਸਾ, ਮੁਕਤਸਰ, ਫ਼ਰੀਦਕੋਟ, ਫ਼ਿਰੋਜ਼ਪੁਰ ‘ਚ ਵੀ ਕਿਤੇ-ਕਿਤੇ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 1 ਅਤੇ 2 ਸਤੰਬਰ ਨੂੰ ਬਾਰਿਸ਼ ਨੂੰ ਧਿਆਨ ‘ਚ ਰੱਖਦੇ ਹੋਏ ਆਪਣੇ ਕੰਮਾਂ ਦੀ ਯੋਜਨਾ ਬਣਾਉਣ।