ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ ‘ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਚੰਡੀਗੜ੍ਹ: ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲਦੀ ਹੀ ਇਕ ਹੋਰ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ, ਪੰਜਾਬ ਦੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਜਲਦੀ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣਗੇ। ਹਾਲਾਂਕਿ ਇਸ ਸਬੰਧੀ ਫ਼ਿਲਹਾਲ ਨਾ ਤਾਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਅਧਿਕਾਰਤ ਤੌਰ ‘ਤੇ ਕੋਈ ਬਿਆਨ ਦਿੱਤਾ ਹੈ ਤੇ ਨਾ ਹੀ ਭਾਜਪਾ ਵੱਲੋਂ ਕੋਈ ਬਿਆਨ ਜਾਰੀ ਕੀਤਾ ਗਿਆ ਹੈ।
ਇੱਥੇ ਦੱਸ ਦਈਏ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਹਨ। ਉਹ ਪੰਜਾਬ ਵਿਚ ਮੰਤਰੀ ਵਜੋਂ ਆਬਕਾਰੀ ਵਿਭਾਗ ਅਤੇ ਖ਼ੁਰਾਕ ਅਤੇ ਸਿਵਲ ਸਪਲਾਈ ਜਿਹੇ ਅਹਿਮ ਵਿਭਾਗ ਸੰਭਾਲ ਚੁੱਕੇ ਹਨ। 2024 ਵਿਚ ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ। ਇਸ ਮਗਰੋਂ ਉਹ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜ ਗਏ ਸਨ ਤੇ ਉੱਥੇ ਉਨ੍ਹਾਂ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਆਬਜ਼ਰਵਰ ਵੀ ਨਿਯੁਕਤ ਕੀਤਾ ਗਿਆ ਸੀ। ਹੁਣ ਇਹ ਖ਼ਬਰਾਂ ਆ ਰਹੀਆਂ ਹਨ ਕਿ ਉਹ ਜਲਦੀ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।