ਚੰਡੀਗੜ੍ਹ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵਗੌੜਾ ਦੀ ਅਗਵਾਈ ਵਾਲੀ ਪਾਰਟੀ ਜਨਤਾ ਦਲ ਸੈਕੂਲਰ ਨੇ ਪਾਰਟੀ ਦੀ ਬਿਨਾਂ ਸ਼ਰਤ ਹਮਾਇਤ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨਾਲ ਮੀਟਿੰਗ ’ਚ ਪਾਰਟੀ ਦੇ ਸੂਬਾ ਪ੍ਰਧਾਨ ਮਾਸਟਰ ਅਵਤਾਰ ਸਿੰਘ ਤੇ ਹੋਰ ਆਗੂਆਂ ਨੇ ਅਕਾਲੀ ਦਲ ਦੀ ਬਿਨਾਂ ਸ਼ਰਤ ਹਮਾਇਤ ਦਾ ਪੱਤਰ ਸੌਂਪਿਆ।
ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵਗੌੜਾ ਹਮੇਸ਼ਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬਹੁਤ ਸਤਿਕਾਰ ਕਰਦੇ ਹਨ, ਜਿਨ੍ਹਾਂ ਨੇ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੈਂਸੀ ਖ਼ਿਲਾਫ਼ ਹਮੇਸ਼ਾ ਮੋਹਰੀ ਹੋ ਕੇ ਲੜਾਈ ਲੜੀ। ਪੱਤਰ ’ਚ ਕਿਹਾ ਗਿਆ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸੂਬੇ ਦੇ ਦਰਿਆਈ ਪਾਣੀਆਂ, ਦੇਸ਼ ’ਚ ਲੋਕਤੰਤਰ ਤੇ ਰਾਜਾਂ ਲਈ ਵੱਧ ਅਧਿਕਾਰ ਤੇ ਅਸਲ ਸੰਘੀ ਢਾਂਚਾ ਲਾਗੂ ਕਰਨ ਵਿਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।















