ਚੰਡੀਗੜ੍ਹ – ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜਿਆ ਹੈ, ਜਿਸ ਵਿਚ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਵੱਲੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਮਨਜ਼ੂਰ ਕੀਤਾ ਜਾਵੇ। ਇਥੇ ਇਹ ਵੀ ਦੱਸ ਦੇਈਏ ਕਿ ਬਨਵਾਰੀ ਲਾਲ ਪੁਰੋਹਿਤ ਵੱਲੋਂ ਕੱਲ੍ਹ ਹੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ। ਪੰਜਾਬ ਦੇ ਗਵਰਨਰ ਵਜੋਂ ਉਨ੍ਹਾਂ ਨੇ 1 ਸਤੰਬਰ 2021 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਅੱਜ 3 ਫਰਵਰੀ 2024 ਨੂੰ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਭਾਜਪਾ ਨਾਲ ਲੰਬੇ ਸਮੇਂ ਤੋਂ ਜੁੜੇ ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਗਵਰਨਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ 1 ਸਤੰਬਰ 2021 ਨੂੰ ਆਪਣਾ ਅਹੁਦਾ ਸੰਭਾਲਿਆ ਸੀ। ਉਹ 2 ਸਾਲ 5 ਮਹੀਨੇ 2 ਦਿਨ ਪੰਜਾਬ ਦੇ ਰਾਜਪਾਲ ਰਹੇ ਹਨ। ਇਸ ਤੋਂ ਪਹਿਲਾਂ ਉਹ ਸਾਲ 2017 ਤੋਂ ਲੈ ਕੇ 2021 ਤੱਕ ਤਾਮਿਲਨਾਡੂ ਅਤੇ ਸਾਲ 2016 ਤੋਂ 2017 ਤੱਕ ਆਸਾਮ ਦੇ ਗਵਰਨਰ ਰਹੇ ਹਨ। ਪੁਰੋਹਿਤ ਦਾ ਜਨਮ 16 ਅਪ੍ਰੈਲ 1940 ਨੰੂ ਰਾਜਸਥਾਨ ਦੇ ਨਵਲਗੜ੍ਹ ਵਿਚ ਹੋਇਆ ਸੀ।















