ਮਾਛੀਵਾੜਾ ਸਾਹਿਬ – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਆਪਣੀ ਆਵਾਜ਼ ਉਠਾਉਣ ਜਾ ਰਹੇ ਕਿਸਾਨਾਂ ਨੂੰ ਰੋਕਣਾ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਇਆ ਜਾਵੇਗਾ। ਜਿਨ੍ਹਾਂ ਇਲਾਕਿਆਂ ’ਚ ਟੋਲ ਪਲਾਜ਼ੇ ਨਹੀਂ ਹਨ, ਉੱਥੇ ਮੁੱਖ ਆਗੂਆਂ ਦੇ ਘਰਾਂ ਅੱਗੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਦਾ ਅਧਿਕਾਰ ਦਿੰਦਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਬੈਰੀਕੇਡ ਲਾਉਣਾ ਤੇ ਪੁਲਸ ਬਲ ਸਹਾਰੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਦੇਸ਼ ਦੇ ਅੰਨਦਾਤਾ ਨਾਲ ਅਪਰਾਧੀਆਂ ਵਰਗਾ ਸਲੂਕ ਕਰਨਾ ਕਿਸੇ ਵੀ ਹਾਲਤ ’ਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਸੁਣਨੀਆਂ ਚਾਹੀਦੀਆਂ ਹਨ ਨਾ ਕਿ ਉਨ੍ਹਾਂ ਨੂੰ ਜਮਹੂਰੀ ਅਧਿਕਾਰਾਂ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਕੇਂਦਰ ਸਰਕਾਰ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।















