ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਦਾਖ਼ਲ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਟਲ਼ ਗਈ ਹੈ ਤੇ ਹੁਣ ਇਸ ਮਾਮਲੇ ‘ਤੇ ਸੁਣਵਾਈ ਭਲਕੇ ਯਾਨੀ 9 ਅਕਤੂਬਰ ਨੂੰ ਹੋਵੇਗੀ। ਪੰਜਾਬ ਸਰਕਾਰ ਨੇ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਸੀ।
ਇੱਥੇ ਦੱਸ ਦਈਏ ਕਿ ਹਾਈ ਕੋਰਟ ਵੱਲੋਂ ਜਾਂਚ ਸੀ. ਬੀ. ਆਈ. ਨੂੰ ਸੌਂਪੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਜਿੱਥੇ ਉਸੇ ਦਿਨ ਦੇਰ ਰਾਤ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਉੱਥੇ ਹੀ ਸੀ. ਬੀ.ਆਈ. ਦੀ ਟੀਮ ਨੇ ਵੀ ਅਗਲੇ ਦਿਨ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਸਣੇ ਸੂਬੇ ਵਿਚ ਕੁੱਲ 8 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਸਬੰਧੀ ਸੀ. ਬੀ. ਆਈ. ਨੇ ਮੁੱਖ ਮੰਤਰੀ ਦੇ ਓ. ਐੱਸ. ਡੀ. ਸਣੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਤੇ ਅਗਲੇਰੀ ਜਾਂਚ ਜਾਰੀ ਹੈ।
ਉੱਥੇ ਹੀ ਪੰਜਾਬ ਸਰਕਾਰ ਦੇ ਵਕੀਲ ਨੇ ਸੀ. ਬੀ. ਆਈ. ਜਾਂਚ ਨੂੰ ਸੰਘੀ ਢਾਂਚੇ ਦੀ ਉਲੰਘਣਾ ਦਾ ਮਾਮਲਾ ਦੱਸਦਿਆਂ ਸੁਪਰੀਮ ਕੋਰਟ ਨੂੰ ਇਸ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਇਸ ‘ਤੇ ਚੀਫ਼ ਜਸਟਿਸ ਨੇ 2 ਦਿਨਾਂ ਦੇ ਅੰਦਰ ਸੁਣਵਾਈ ਕਰਨ ਦੀ ਕੋਸ਼ਿਸ਼ ਕਰਨ ਦੀ ਗੱਲ ਆਖ਼ੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਭਲਕੇ ਹੋਵੇਗੀ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਸੀ. ਬੀ. ਆਈ. ਜਾਂਚ ਰੋਕਣ ਦੇ ਅੰਤ੍ਰਿਮ ਹੁਕਮ ਜਾਰੀ ਕਰਨ ਤੋਂ ਵੀ ਫ਼ਿਲਹਾਲ ਇਨਕਾਰ ਕਰ ਦਿੱਤਾ।















