ਜਲੰਧਰ: ਪੰਜਾਬ ‘ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ 21 ਤੋਂ 24 ਅਗਸਤ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਹਲਕੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਰਾਹਤ ਮਿਲੇਗੀ, ਪਰ ਕਿਸਾਨਾਂ ਅਤੇ ਨੀਵੇਂ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਦਰਜ ਕੀਤੀ ਗਈ ਬਾਰਿਸ਼
ਵੀਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਰਿਹਾ, ਜਿਸ ਦੌਰਾਨ ਗੁਰਦਾਸਪੁਰ ਵਿੱਚ ਸਭ ਤੋਂ ਵੱਧ 47.5 ਮਿਲੀਮੀਟਰ ਬਾਰਿਸ਼ ਦਰਜ ਹੋਈ। ਇਸ ਤੋਂ ਇਲਾਵਾ ਰੂਪਨਗਰ ਵਿੱਚ 12 ਮਿਲੀਮੀਟਰ ਅਤੇ ਲੁਧਿਆਣਾ ਵਿੱਚ 9.6 ਮਿਲੀਮੀਟਰ ਮੀਂਹ ਪਿਆ, ਜਦਕਿ ਫ਼ਿਰੋਜ਼ਪੁਰ, ਪਟਿਆਲਾ, ਜਲੰਧਰ ਅਤੇ ਭਾਖੜਾ ਡੈਮ ਦੇ ਆਸਪਾਸ ਦੇ ਖੇਤਰਾਂ ਵਿੱਚ ਵੀ ਹਲਕੀ ਵਰਖਾ ਰਿਕਾਰਡ ਕੀਤੀ ਗਈ। ਦੂਜੇ ਪਾਸੇ ਚੰਡੀਗੜ੍ਹ, ਅੰਮ੍ਰਿਤਸਰ, ਮੋਹਾਲੀ, ਸੰਗਰੂਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨਾ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ।















