ਗੁਰਦਾਸਪੁਰ – ਪੰਜਾਬ ਸਰਕਾਰ ਵੱਲੋਂ ਬਟਾਲਾ ਵਿੱਚ ਵੱਡੀ ਰੱਦੋਬਦਲ ਕਰਦਿਆਂ ਨਿਯੁਕਤ ਕੀਤੇ ਗਏ ਦੋ ਨਵੇਂ ਚੇਅਰਮੈਨਾ ਦੀ ਤਾਜਪੋਸ਼ੀ ਲਈ ਅੱਜ ਦਾਣਾ ਮੰਡੀ ਬਟਾਲਾ ਵਿੱਚ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਤੋਂ ਇਲਾਵਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਅੰਮ੍ਰਿਤਸਰ ਦੇ ਐੱਮ.ਪੀ. ਗੁਰਜੀਤ ਸਿੰਘ ਔਜਲਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਜੋਗਿੰਦਰਪਾਲ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਮੰਤਰੀ ਰਮਨ ਭੱਲਾ, ਨਰੇਸ਼ ਪੁਰੀ ਸਮੇਤ ਕਾਂਗਰਸ ਦੀ ਹੋਰ ਸਮੁੱਚੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਬਟਾਲਾ ਦੇ ਨਗਰ ਸੁਧਾਰ ਟਰੱਸਟ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਦੀਆਂ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਪਵਨ ਕੁਮਾਰ ਪੰਮਾ ਨੂੰ ਨਗਰ ਸੁਧਾਰ ਟਰੱਸਟ ਬਟਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ, ਜਦੋਂਕਿ ਗੁਰਿੰਦਰ ਸਿੰਘ ਚੀਕੂ ਨੂੰ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤਹਿਤ ਅੱਜ ਇਨ੍ਹਾਂ ਦੋਵਾਂ ਚੇਅਰਮੈਨਾਂ ਦੀ ਤਾਜਪੋਸ਼ੀ ਲਈ ਖ਼ੁਦ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸਾਥੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਨਾਲ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਕੇ ਜਿੱਥੇ ਇਨ੍ਹਾਂ ਦੋਵਾਂ ਆਗੂਆਂ ਤੂੰ ਰਸਮੀ ਤੌਰ ’ਤੇ ਉਨ੍ਹਾਂ ਦੀਆਂ ਕੁਰਸੀਆਂ ’ਤੇ ਬਿਠਾਇਆ ਹੈ। ਉਸਦੇ ਨਾਲ ਹੀ ਬਟਾਲਾ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਆਪਣੇ ਮਜ਼ਬੂਤ ਪ੍ਰਭਾਵ ਦਾ ਸਬੂਤ ਵੀ ਦਿੱਤਾ ਹੈ।















