ਬਸਪਾ ਆਗੂ ਦਾ ਤਾਬੜ-ਤੋੜ ਗੋਲੀਆਂ ਮਾਰ ਕਤਲ

ਹਰਿਆਣਾ : ਹਰਿਆਣਾ ਵਿਚ ਤਿੰਨ ਮਹੀਨੇ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਨਾਰਾਇਣਗੜ੍ਹ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਹਰਬਿਲਾਸ ਰੱਜੂਮਾਜਰਾ ਦਾ ਸ਼ੁੱਕਰਵਾਰ ਰਾਤ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਤਰਾਂ ਤੋਂ ਮਿਲੀ ਅਨੁਸਾਰ ਹਰਬਿਲਾਸ ਆਹਲੂਵਾਲੀਆ ਪਾਰਕ ਨੇੜੇ ਆਪਣੇ ਕੁਝ ਦੋਸਤਾਂ ਨਾਲ ਇੱਕ ਕਾਰ ਵਿੱਚ ਸਵਾਰ ਸਨ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।
ਗੋਲੀਆਂ ਲੱਗਣ ਤੋਂ ਬਾਅਦ ਉਹਨਾਂ ਨੂੰ ਜ਼ਖ਼ਮੀ ਹਾਲਤ ਵਿਚ ਚੰਡੀਗੜ੍ਹ ਦੇ ਪੀਜੀਆਈ ਲਿਆਂਦਾ ਗਿਆ, ਜਿੱਥੇ ਦੇਰ ਰਾਤ ਉਸਦੀ ਮੌਤ ਹੋ ਗਈ। ਇਸ ਵਾਰਦਾਤ ਦੌਰਾਨ ਉਹਨਾਂ ਦੇ ਨਾਲ ਮੌਜੂਦ ਉਹਨਾਂ ਦੇ ਦੋਸਤ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਸਥਾਨ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਨਾਰਾਇਣਗੜ੍ਹ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਪੀਜੀਆਈਐਮਐਸ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਹਰਬਿਲਾਸ ਨੇ ਬਸਪਾ-ਇਨੈਲੋ ਦੇ ਸਾਂਝੇ ਉਮੀਦਵਾਰ ਵਜੋਂ ਨਾਰਾਇਣਗੜ੍ਹ ਸੀਟ ਤੋਂ ਚੋਣ ਲੜੀ ਸੀ। ਇਸ ਦੌਰਾਨ ਉਹਨਾਂ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ। ਉਹ ਹਰਿਆਣਾ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਸਨ। ਗੋਲੀ ਚੱਲਦੇ ਹੀ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ ਅਤੇ ਦੁਕਾਨਦਾਰ ਆਪਣੀਆਂ ਦੁਕਾਨਾਂ ਛੱਡ ਕੇ ਭੱਜ ਗਏ। ਲਗਭਗ 3 ਮਿੰਟਾਂ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਆਪਣੇ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਭੱਜ ਗਏ।