ਬਟਾਲਾ : ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦਾਸਪੁਰ ’ਚ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਯਾਦ ਕਰਵਾਇਆ ਹੈ। ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਪੱਤਰ ਲਿੱਖ ਕੇ ਮੁੱਖ ਮੰਤਰੀ ਨੂੰ ਯਾਦ ਕਰਵਾਉਣ ਦਾ ਯਤਨ ਕੀਤਾ ਹੈ ਕਿ ਮੁੱਖ ਮੰਤਰੀ ਵਲੋਂ 2018 ’ਚ ਗੁਰਦਾਸਪੁਰ ਵਿਖੇ ਮੈਡੀਕਲ ਕਾਲਜ ਖੋਲ੍ਹਣ ਲਈ ਵਚਨਬੱਧਤਾ ਦੁਹਰਾਈ ਸੀ ਪਰ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਬਾਜਵਾ ਨੇ ਕਿਹਾ ਕਿ ਗੁਰਦਾਸਪੁਰ ਵਾਸੀਆਂ ਦੀ ਇਹ ਲੰਬੇ ਸਮੇ ਤੋਂ ਮੰਗ ਹੈ ਕਿਉਂਕਿ ਨਾਜ਼ੁਕ ਹਾਲਾਤ ’ਚ ਮਰੀਜ਼ਾਂ ਨੂੰ ਅੰਮ੍ਰਿਤਸਰ ਹੀ ਜਾਣਾ ਪੈਂਦਾ ਹੈ।
ਬਾਜਵਾ ਨੇ ਕਿਹਾ ਕਿ ਹੁਣ ਵੀ ਡੁੱਲਿਆ ਬੇਰਾਂ ਦਾ ਕੁਝ ਨਹੀਂ ਵਿਗੜਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਵੀ ਜਲਦੀ ਹੀ ਆਪਣਾ ਕੀਤਾ ਵਾਅਦਾ ਪੂਰਾ ਕਰਨ। ਬਾਜਵਾ ਨੇ ਕਿਹਾ ਕਿ ਮੇਰੀ ਤਾਂ ਮੰਗ ਹੈ ਕਿ ਇਹ ਮੈਡੀਕਲ ਕਾਲਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ ’ਚ ਖੋਲ੍ਹਿਆ ਜਾਵੇ ਅਤੇ ਇਸ ਮੈਡੀਕਲ ਕਾਲਜ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਨੂੰ ਸਮਰਪਿਤ ਕਰਦਿਆਂ ਹੋਇਆ ਇਸ ਕਾਲਜ ਦਾ ਨਾਮ ਵੀ ਮਾਤਾ ਸੁਲੱਖਣੀ ਜੀ ਦੇ ਨਾਮ ’ਤੇ ਰੱਖਿਆ ਜਾਵੇ।















