ਰੋਪੜ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਗੈਂਗਸਟਰਵਾਦ ‘ਚ ਵਾਧਾ ਹੋ ਰਿਹਾ ਹੈ, ਕਿਸਾਨਾਂ ਅਤੇ ਨੌਜਵਾਨਾਂ ਨਾਲ ਧੋਖਾ ਹੋਇਆ ਹੈ। ਉਦਯੋਗ ਪੰਜਾਬ ਤੋਂ ਬਾਹਰ ਜਾ ਰਹੇ ਹਨ ਅਤੇ ਮੀਡੀਆ ਦੀ ਆਜ਼ਾਦੀ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਨੂੰ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬੀ ਕਦੇ ਵੀ ਕਬੂਲ ਨਹੀਂ ਕਰਨਗੇ। ਉਨ੍ਹਾਂ ਦੋ ਟੂਕ ਕਿਹਾ ਕਿ ਪੰਜਾਬ ਦੇ ਲੋਕ ਅਤੇ ਨੌਜਵਾਨ ਹੀ ਸੂਬੇ ਦਾ ਭਵਿੱਖ ਤੈਅ ਕਰਨਗੇ ਅਤੇ ਪੰਜਾਬ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ ਜਾਵੇਗਾ।
ਰੋਪੜ ‘ਚ ਮਜੀਠੀਆ ਦਾ ਭਰਵਾਂ ਸਵਾਗਤ, ਪੁਲਸ ਪ੍ਰਬੰਧ ਰਹੇ ਮੁਸਤੈਦ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਰੋਪੜ ਸ਼ਹਿਰ ਵਿਚੋਂ ਲੰਘਣ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਸਬੰਧੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਦਰਬਾਰਾ ਸਿੰਘ ਬਾਲਾ ਨੇ ਦੱਸਿਆ ਕਿ ਮਜੀਠੀਆ ਸਾਹਿਬ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ। ਰੋਪੜ ‘ਚ ਪੁਲਸ ਲਾਈਨਜ਼ ਨੇੜੇ ਬਾਈਪਾਸ ’ਤੇ ਜ਼ਿਲ੍ਹਾ ਜਥੇਬੰਦੀ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਜਿਸ ਦੀ ਅਗਵਾਈ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ। ਇਸ ਮੌਕੇ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਰਿਹਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਗੁਰੂ ਰਾਮਦਾਸ ਮਹਾਰਾਜ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਔਖੇ ਸਮੇਂ ‘ਚ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਸੱਚ ਦੇ ਰਾਹ ’ਤੇ ਚੱਲਣ ਦੀ ਤਾਕਤ ਬਖ਼ਸ਼ੀ ਹੈ। ਮਜੀਠੀਆ ਨੇ ਸਪਸ਼ਟ ਕੀਤਾ ਕਿ ਇਹ ਕੋਈ ਪਹਿਲਾਂ ਤੋਂ ਤਿਆਰ ਕੀਤਾ ਗਿਆ ਰਾਜਨੀਤਿਕ ਪ੍ਰੋਗਰਾਮ ਨਹੀਂ ਸੀ, ਸਗੋਂ ਸੋਸ਼ਲ ਮੀਡੀਆ ਰਾਹੀਂ ਲੋਕਾਂ ਦੀ ਇੱਛਾ ਦੇ ਮੱਦੇਨਜ਼ਰ ਉਹ ਰਸਤੇ ਵਿਚ ਰੁਕਦੇ ਹੋਏ ਸੰਗਤ ਅਤੇ ਸਮਰਥਕਾਂ ਨੂੰ ਮਿਲੇ। ਉਨ੍ਹਾਂ ਕਿਹਾ ਕਿ ਇਹ ਕਿਸੇ ਜਿੱਤ ਦਾ ਜਸ਼ਨ ਨਹੀਂ, ਸਗੋਂ ਲੋਕਾਂ ਵੱਲੋਂ ਮਿਲੇ ਪਿਆਰ, ਸਤਿਕਾਰ ਅਤੇ ਅਰਦਾਸਾਂ ਦਾ ਸ਼ੁਕਰਾਨਾ ਹੈ। ਅਕਾਲੀ ਦਲ ਨੂੰ ਇਕਜੁੱਟ ਕਰਨ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਸਭ ਨੂੰ ਨਾਲ ਲੈ ਕੇ ਅੱਗੇ ਵਧਣ ’ਤੇ ਸਹਿਮਤੀ ਬਣੀ ਹੈ।















