ਬੰਗਲਾਦੇਸ਼ ਮਾਮਲੇ ‘ਤੇ ਕੇਂਦਰ ਸਰਕਾਰ ਦੇ ਫ਼ੈਸਲਿਆਂ ਦੇ ਨਾਲ ਹੈ ਬਸਪਾ : ਮਾਇਆਵਤੀ

ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਗੁਆਂਢੀ ਦੇਸ਼ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਫ਼ੈਸਲਿਆਂ ਦੇ ਨਾਲ ਹੈ। ਬੰਗਲਾਦੇਸ਼ ਦੇ ਘਟਨਾਕ੍ਰਮ ਨੂੰ ਲੈ ਕੇ ਦਿੱਲੀ ‘ਚ ਹੋਈ ਸਰਬ ਪਾਰਟੀ ਬੈਠਕ ਦਾ ਜ਼ਿਕਰ ਕਰਦੇ ਹੋਏ ਮਾਇਆਵਤੀ ਨੇ ‘ਐਕਸ’ ‘ਤੇ ਕਿਹਾ, ”ਗੁਆਂਢੀ ਦੇਸ਼ ਬੰਗਲਾਦੇਸ਼ ਦੇ ਤੇਜ਼ੀ ਨਾਲ ਬਦਲ ਰਹੇ ਸਿਆਸੀ ਹਾਲਾਤ ਦੇ ਮੱਦੇਨਜ਼ਰ ਅੱਜ ਦੀ ਸਰਬ-ਪਾਰਟੀ ਮੀਟਿੰਗ ਬਹੁਤ ਮਹੱਤਵਪੂਰਨ ਹੈ, ਜਿਸ ‘ਚ ਸਾਰੀਆਂ ਪਾਰਟੀਆਂ ਦਾ ਸਰਕਾਰ ਦੇ ਫ਼ੈਸਲਿਆਂ ਨਾਲ ਰਹਿਣ ਦਾ ਫ਼ੈਸਲਾ ਉਚਿਤ ਅਤੇ ਜ਼ਰੂਰੀ ਹੈ। ਬਸਪਾ ਵੀ ਇਸ ਮਾਮਲੇ ਵਿਚ ਕੇਂਦਰ ਸਰਕਾਰ ਦੇ ਫ਼ੈਸਲਿਆਂ ਦੇ ਨਾਲ ਹੈ।”
ਜ਼ਿਕਰਯੋਗ ਹੈ ਕਿ ਨੌਕਰੀਆਂ ‘ਚ ਰਾਖਵੇਂਕਰਨ ਦੇ ਮੁੱਦੇ ਨੂੰ ਲੈ ਕੇ ਬੰਗਲਾਦੇਸ਼ ‘ਚ ਸੜਕਾਂ ਵਿਚਾਲੇ ਹੋਏ ਹਿੰਸਕ ਪ੍ਰਦਰਸ਼ਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੋਮਵਾਰ ਨੂੰ ਅਸਤੀਫਾ ਦੇ ਕੇ ਦੇਸ਼ ਛੱਡਣਾ ਪਿਆ ਸੀ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਵਿਚ ਨੇਤਾਵਾਂ ਨੂੰ ਸੂਚਿਤ ਕੀਤਾ ਕਿ ਭਾਰਤ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਦਦ ਦਾ ਭਰੋਸਾ ਦਿੰਦੇ ਹੋਏ ਆਪਣੀ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸਮਾਂ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਸੂਤਰਾਂ ਵਲੋਂ ਦਿੱਤੀ ਗਈ ਹੈ।