ਨਵੀਂ ਦਿੱਲੀ, – ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਿਊ. ਸੀ.) ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਉੱਠੇ ਵਿਵਾਦ ਵਿਚਾਲੇ ਮੰਗਲਵਾਰ ਨੂੰ ਇਸ ਮੁੱਦੇ ’ਤੇ ਅੱਗੇ ਦੀ ਰਣਨੀਤੀ ’ਤੇ ਚਰਚਾ ਕਰੇਗੀ। ਪਾਰਟੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਪ੍ਰਧਾਨਗੀ ’ਚ ਹੋਣ ਵਾਲੀ ਬੈਠਕ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) ਸਮੇਤ ਚੋਣ ਪ੍ਰਕਿਰਿਆ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਹੋ ਸਕਦਾ ਹੈ।
ਚੋਣ ਕਮਿਸ਼ਨ ਦੇ ਅੰਦਰ ਵੋਟਰ ਸੂਚੀ ਅਤੇ ਐੱਸ. ਆਈ. ਆਰ. ਨਾਲ ਜੁੜੇ ਕੁਝ ਫੈਸਲਿਆਂ ਨੂੰ ਲੈ ਕੇ ਕਥਿਤ ਤੌਰ ’ਤੇ ਮਤਭੇਦ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਕਾਂਗਰਸ ਇਸ ਮੁੱਦੇ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਖੜਗੇ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਮੰਗਲਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਬੁਲਾਈ ਹੈ, ਜਿਸ ’ਚ ਇਸ ਮੁੱਦੇ ’ਤੇ ਚਰਚਾ ਹੋਵੇਗੀ ਅਤੇ ਸਾਰੇ ਮੈਂਬਰ ਆਪਣੇ ਸੁਝਾਅ ਦੇਣਗੇ।
‘ਤਾਨਾਸ਼ਾਹ’ ਭਾਜਪਾ-ਸੰਘ ਹੁਣ ਹਿੰਸਾ ’ਤੇ ਉਤਾਰੂ ਹਨ : ਖੜਗੇ
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਖੜਗੇ ਨੇ ਦਿੱਲੀ ਸਰਕਾਰ ਦੇ ਮੰਤਰੀ ਪ੍ਰਵੇਸ਼ ਵਰਮਾ ਵੱਲੋਂ ਇਕ ਨੌਜਵਾਨ ਨੂੰ ਥੱਪੜ ਮਾਰੇ ਜਾਣ ਦੀ ਘਟਨਾ ਨੂੰ ਲੈ ਕੇ ਸੋਮਵਾਰ ਨੂੰ ਭਾਜਪਾ ਅਤੇ ਰਾਸ਼ਟਰੀ ਸਵੈਮਸੇਵਕ ਸੰਘ ’ਤੇ ਤਿੱਖਾ ਹਮਲਾ ਬੋਲਿਆ ਅਤੇ ਦੋਸ਼ ਲਾਇਆ ਕਿ ਹੁਣ ਇਹ ਦੋਵੇਂ ‘ਤਾਨਾਸ਼ਾਹ’ ਸੰਗਠਨ ਹਿੰਸਾ ’ਤੇ ਉਤਾਰੂ ਹਨ। ਖੜਗੇ ਨੇ ਇਹ ਦੋਸ਼ ਵੀ ਲਾਇਆ ਕਿ ਭਾਜਪਾ ਸਰਕਾਰ ਲੋਕਾਂ ਦੇ ਸਵਾਲਾਂ ਤੋਂ ਘਬਰਾ ਰਹੀ ਹੈ ਅਤੇ ਹੁਣ ‘ਡੰਡੇ ਤਾਣ ਕੇ ਜਨਤਾ ’ਤੇ ਸਿੱਧਾ ਵਾਰ’ ਕਰ ਰਹੀ ਹੈ।















