ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਤੇਜ਼ ਹੋ ਗਈਆਂ ਹਨ। ਸੂਤਰਾਂ ਦੇ ਮੁਤਾਬਕ ਪਰਨੀਤ ਕੌਰ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸਦੇ ਲਈ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਅਮਿਤ ਸ਼ਾਹ ਦੀ ਪਟਿਆਲਾ ‘ਚ ਰੈਲੀ ਦੌਰਾਨ ਪਰਨੀਤ ਕੌਰ ਨੇ ਭਾਜਪਾ ‘ਚ ਸ਼ਾਮਲ ਹੋਣਾ ਸੀ ਪਰ ਹੁਣ ਅਮਿਤ ਸ਼ਾਹ ਦਾ ਕੋਈ ਜ਼ਰੂਰੀ ਰੁਝੇਵਾਂ ਹੋਣ ਕਾਰਨ 29 ਜਨਵਰੀ ਨੂੰ ਉਨ੍ਹਾਂ ਦੀ ਪਟਿਆਲਾ ‘ਚ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਰਨੀਤ ਕੌਰ ਹੁਣ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰ ਸਕਦੇ ਹਨ ਜਾਂ ਫਿਰ ਦਿੱਲੀ ਜਾ ਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਫਿਲਹਾਲ ਇਸ ਬਾਰੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ।















