
ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖੇਤੀ ਕਾਨੂੰਨਾਂ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ‘ਚ ਪਟੀਸ਼ਨ ਪਾਏ ਜਾਣ ਦਾ ਮਾਮਲਾ ਜਥੇਬੰਦੀ ਵਿਚ ਬਗ਼ਾਵਤ ਦਾ ਕਾਰਨ ਬਣ ਗਿਆ ਹੈ। ਇਸ ਮੁੱਦੇ ‘ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤਵਾਰ ਸਿੰਘ ਬਾਦਸ਼ਾਹਪੁਰ, ਜ਼ਿਲ੍ਹਾ ਜਨਰਲ ਸਕੱਤਰ ਸਤਵੰਤ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਨਿਰਮਲ ਸਿੰਘ ਘਨੌਰ, ਕੁਲਦੀਪ ਸਿੰਘ, ਬਹੁਗਿਣਤੀ ਬਲਾਕ ਪ੍ਰਧਾਨਾਂ ਸਣੇ ਢਾਈ ਦਰਜਨ ਦੇ ਕਰੀਬ ਪ੍ਰਮੁੱਖ ਅਹੁਦੇਦਾਰਾਂ ਨੇ ਪਾਰਟੀ ਦੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇ ਦਿੱਤੇ ਹਨ।
ਇਸ ਸੰਬੰਦੀ ਅੱਜ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਵਿਚ ਜ਼ਿਲ੍ਹੇ ਦੀ ਸਾਰੀ ਇਕਾਈ ਨੇ ਇਕੱਠੀ ਹੋ ਕੇ ਸੰਘਰਸ਼ ਦੀ ਨਵੀਂ ਰਣਨੀਤੀ ਤਿਆਰ ਕੀਤੀ ਅਤੇ ਲੱਖੋਵਾਲ ਹਾਈਕਮਾਨ ਨੂੰ ਲਿਖਤੀ ਅਸਤੀਫਿਆਂ ‘ਤੇ ਵਰਕਰਾਂ ਦੇ ਵੀ ਦਸਤਖਤ ਕਰਵਾਏ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਰਨੈਲ ਸਿੰਘ ਜਹਾਂਗੀਰ ਨੇ ਦੱਸਿਆ ਹੈ ਕਿ ਜਿਥੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿਲਾਫ਼ ਸੜਕਾਂ ਅਤੇ ਰੇਲ ਪੱਟੜੀਆਂ ਮੱਲੀ ਬੈਠੀਆਂ ਹਨ, ਉਥੇ ਹੀ ਦੂਜੇ ਪਾਸੇ ਬੀ. ਕੇ. ਯੂ. ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨਾਂ ਤੋਂ ਚੋਰੀ ਸੁਪਰੀਮ ਕੋਰਟ ਜਾ ਕੇ ਕਿਸਾਨ ਸੰਘਰਸ਼ਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਰੋਹ ‘ਚ ਆਏ ਕਿਸਾਨਾਂ ਨੇ ਸਖ਼ਤ ਨੋਟਿਸ ਲੈਂਦਿਆ ਕਿਹਾ ਕਿ ਇਹ ਫ਼ੈਸਲਾ ਲਏ ਜਾਣ ਤੋਂ ਪਹਿਲਾਂ ਸੰਗਰੂਰ ਦੇ ਕਿਸੇ ਵੀ ਜ਼ਿਲ੍ਹਾ ਅਹੁਦੇਦਾਰ ਨਾਲ ਗੱਲ ਤੱਕ ਨਹੀਂ ਕੀਤੀ ਗਈ। ਕਿਸਾਨ ਆਗੂਆਂ ਨੇ ਅਹਿਦ ਲਿਆ ਕਿ ਭਵਿੱਖ ਦੀ ਰਣਨੀਤੀ ਕੋਈ ਵੀ ਹੋਵੇ ਪਰ ਹੁਣ ਲੱਖੋਵਾਲ ਨਾਲ ਚੱਲਣਾ ਅਸੰਭਵ ਹੈ।
News Credit :jagbani(punjabkesari)















