ਭਿਆਨਕ ਸੜਕ ਹਾਦਸੇ ਦੌਰਾਨ ਅਕਾਲੀ ਆਗੂ ਦੀ ਮੌਤ

ਮਾਛੀਵਾੜਾ ਸਾਹਿਬ : ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਰਜੂਲ ਦੇ ਨਿਵਾਸੀ ਅਕਾਲੀ ਆਗੂ ਜਗਤਾਰ ਸਿੰਘ ਤਾਰੀ ਦੀ ਦਰਦਨਾਕ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪੁੱਤਰ ਅਮਰਿੰਦਰ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸਦਾ ਪਿਤਾ ਜਗਤਾਰ ਸਿੰਘ ਆਪਣੀ ਸਕੂਟਰ ’ਤੇ ਸਵਾਰ ਹੋ ਕੇ ਰਜੂਲ ਤੋਂ ਕਰੀਬ ਇਕ ਕਿਲੋਮੀਟਰ ਅੱਗੇ ਸੜਕ ’ਤੇ ਪਹੁੰਚੇ ਸਨ ਕਿ ਇਕ ਟਰੱਕ ਚਾਲਕ ਨੇ ਅਣਗਹਿਲੀ ਨਾਲ ਆਪਣਾ ਵਾਹਨ ਚਲਾਉਂਦਿਆਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਜਗਤਾਰ ਸਿੰਘ ਸੜਕ ’ਤੇ ਡਿੱਗ ਗਏ ਤੇ ਟਰੱਕ ਦਾ ਅਗਲਾ ਟਾਇਰ ਉਨ੍ਹਾਂ ਦੇ ਉੱਪਰੋਂ ਲੰਘ ਗਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਥਾਣਾ ਕੂੰਮਕਲਾਂ ਪੁਲਸ ਵੱਲੋਂ ਲਾਸ਼ ਨੂੰ ਕਬਜੇ ’ਚ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ ਤੇ ਟਰੱਕ ਚਾਲਕ ਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਵਾਹਨ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ। ਪੁਲਸ ਵੱਲੋਂ ਟਰੱਕ ਚਾਲਕ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਗਤਾਰ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਤੇ ਪਾਰਟੀ ਦੇ ਮਿਹਨਤੀ ਤੇ ਅਣਥੱਕ ਆਗੂ ਸਨ। ਉਨ੍ਹਾਂ ਦੀ ਮੌਤ ਨਾਲ ਪਿੰਡ ਰਜੂਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਗਤਾਰ ਸਿੰਘ ਦਾ ਪਿੰਡ ’ਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਜਿੱਥੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।