ਅੰਮ੍ਰਿਤਸਰ: ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨੀ ਅੰਦੋਲਨ ’ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ 9 ਮਹੀਨੇ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਹਨ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਗੰਨੇ ’ਤੇ ਵੀ ਐੱਮ.ਐੱਸ.ਪੀ. ਲਾਗੂ ਕੀਤੀ ਜਾਵੇ। ਇਸ ਦੌਰਾਨ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀ ਤਾਰੀਫ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਪੰਜਾਬ ਨੂੰ ਬਹੁਤ ਹੀ ਸੂਝ-ਬੂਝ ਨਾਲ ਚਲਾਇਆ ਹੈ। ਅਫ਼ਗਾਨਿਸਤਾਨ ਦੇ ਮੁੱਦੇ ’ਤੇ ਬੋਲਦੇ ਹੋਏ ਮਨੀਸ਼ ਤਿਵਾੜੀ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ’ਤੇ ਸਖ਼ਤੀ ਦੀ ਲੋੜ ਹੈ।















