ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਲੋਕਾਂ ਨੂੰ ਆਪਣੇ ਅਸਲ ਮਿੱਤਰ ਜਾਂ ਦੁਸ਼ਮਣ ਦੀ ਪਛਾਣ ਕਰਨ ਲਈ ਅੰਤਰ ਝਾਤ ਮਾਰਨ ਲਈ ਆਖਿਆ । ਅੱਜ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਇੱਥੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਵਿਰੋਧੀਆਂ ਦੇ ਜਜ਼ਬਾਤੀ ਭਾਸ਼ਨਾਂ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕੀਤੀ ਕਿਉਂ ਕਿ ਇਨ੍ਹਾਂ ਪਾਰਟੀਆਂ ਦੇ ਲੀਡਰਾਂ ਵਿੱਚ ਪੰਜਾਬ ਪ੍ਰਤੀ ਨਾ ਸੰਜੀਦਗੀ ਤੇ ਵਫ਼ਾਦਾਰੀ ਹੈ ਅਤੇ ਨਾ ਹੀ ਇੱਥੋਂ ਦੇ ਲੋਕਾਂ ਪ੍ਰਤੀ ਵਚਨਬੱਧਤਾ। ਆਪਣੇ ਸੌੜੇ ਹਿੱਤਾਂ ਦੀ ਖਾਤਰ ਵੋਟਰਾਂ ਨੂੰ ਭਰਮਾਉਣ ਲਈ ਸਿਆਸੀ ਤਿਕੜਮਬਾਜ਼ੀਆਂ ਲਈ ਕਾਂਗਰਸ ਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਸ. ਬਾਦਲ ਨੇ ਲੋਕਾਂ ਨੂੰ ਸੱਤ੍ਹਾ ਦੀ ਭੁੱਖ ਮਿਟਾਉਣ ਲਈ ਕੋਝੇ ਹੱਥਕੰਢੇ ਅਪਨਾਉਣ ਵਾਲੀਆਂ ਅਜਿਹੀਆਂ ਪਾਰਟੀਆਂ ਤੋਂ ਸੁਚੇਤ ਰਹਿਣ ਲਈ ਆਖਿਆ।
ਸ. ਬਾਦਲ ਨੇ ਪੰਜਾਬੀਆਂ ਨੂੰ ਸੁਆਲ ਕੀਤਾ ਕਿ ਤੁਸੀਂ ਲੋਕ ਕਾਂਗਰਸ ਅਤੇ ਇਸ ਦੀ ਲੀਡਰਸ਼ਿੱਪ ਤੋਂ ਕੀ ਆਸ ਰੱਖ ਸਕਦੇ ਹੋ ਜਿਸ ਨੇ ਸਾਡੇ ਸੂਬੇ ਨੂੰ ਸਿਆਸੀ, ਆਰਥਿਕ ਤੇ ਧਾਰਮਿਕ ਤੌਰ ‘ਤੇ ਤਬਾਹ ਕੀਤਾ ਹੋਵੇ। ਨਾਲ ਹੀ ਉਨ੍ਹਾਂ ਆਖਿਆ ਕਿ ਇਸ ਨਾਲ ਕਾਂਗਰਸੀਆਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਹੋਰ ਕੋਈ ਸਬੂਤ ਦੇਣ ਦੀ ਲੋੜ ਹੀ ਬਾਕੀ ਨਹੀਂ ਰਹਿੰਦੀ। ਉਨ੍ਹਾਂ ਆਖਿਆ ਕਿ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਕਾਂਗਰਸ ਲੀਡਰਸ਼ਿੱਪ ਦੀ ਨਾ ਬਖਸ਼ਣਯੋਗ ਭੂਮਿਕਾ ਨੂੰ ਭੁੱਲਿਆ ਨਹੀਂ ਜਾ ਸਕਦਾ। ਇਸ ਤੋਂ ਇਲਾਵਾ ਸਾਲ 1982 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਇਸ਼ਾਰੇ ‘ਤੇ ਐਸ.ਵਾਈ.ਐਲ. ਨਹਿਰ ਦੀ ਉਸਾਰੀ ਲਈ ਕਾਂਗਰਸੀਆਂ ਨੇ ਸਰਗਰਮ ਰੋਲ ਨਿਭਾਇਆ ਅਤੇ ਪਿੰਡ ਕਪੂਰੀ ਵਿਖੇ ਉਸ ਸਮੇਂ ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਨਹਿਰ ਦੀ ਉਸਾਰੀ ਲਈ ਟੱਕ ਲਾਇਆ ਗਿਆ ਜੋ ਉਸ ਵੇਲੇ ਪਟਿਆਲਾ ਤੋਂ ਸੰਸਦ ਮੈਂਬਰ ਸਨ। ਸ. ਬਾਦਲ ਨੇ ਦੱਸਿਆ ਕਿ ਜਦੋਂ ਸ੍ਰੋਮਣੀ ਅਕਾਲੀ ਦਲ ਦਾ ਹਰੇਕ ਵਰਕਰ ਅਤੇ ਆਗੂ ਐਸ.ਵਾਈ.ਐਲ. ਨਹਿਰ ਦੀ ਉਸਾਰੀ ਖਿਲਾਫ਼ ਮੋਰਚਾ ਲਾ ਰਿਹਾ ਸੀ ਤਾਂ ਉਸ ਵੇਲੇ ਕਾਂਗਰਸ ਦੇ ਸਿਖਰਲੇ ਲੀਡਰਾਂ ਤੋਂ ਲੈ ਕੇ ਹੇਠਲੇ ਪੱਧਰ ਤੱਕ ਨਹਿਰ ਦੀ ਉਸਾਰੀ ਸ਼ੁਰੂ ਹੋਣ ਦੇ ਜਸ਼ਨ ਮਨਾਏ ਜਾ ਰਹੇ ਸਨ ਜਿਸ ਨਾਲ ਸਪੱਸ਼ਟ ਤੌਰ ‘ਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੇ ਖੈਰ-ਖੁਆਹ ਤੇ ਦੁਸ਼ਮਣਾਂ ਦੀ ਪਹਿਚਾਣ ਸਹਿਜੇ ਹੀ ਹੋ ਜਾਂਦੀ ਹੈ। ਐਸ.ਵਾਈ.ਐਲ. ਦੀ ਉਸਾਰੀ ਦੇ ਹੱਕ ਵਿੱਚ ਖੜ੍ਹਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਚਣੌਤੀ ਦਿੰਦਿਆਂ ਸ. ਬਾਦਲ ਨੇ ਆਖਿਆ ਕਿ ਉਨ੍ਹਾਂ ਨੂੰ ਉਸ ਫ਼ੈਸਲੇ ਦਾ ਵਿਰੋਧ ਕਰਨ ਦਾ ਨੈਤਿਕ ਹੱਕ ਹੀ ਨਹੀਂ ਹੈ, ਜਿਹੜਾ ਫ਼ੈਸਲਾ ਕਾਂਗਰਸ ਦੀ ਕੌਮੀ ਲੀਡਰਸ਼ਿੱਪ ਨੇ ਸੂਬੇ ਦੇ ਕਾਂਗਰਸੀਆਂ ਦੀ ਬਾਂਹ ਮਰੋੜ ਕੇ ਪੰਜਾਬ ‘ਤੇ ਥੋਪਿਆ ਹੋਵੇ।
ਆਮ ਆਦਮੀ ਪਾਰਟੀ ਨੂੰ ਸ਼ੁਰਲੀਬਾਜਾਂ ਦਾ ਟੋਲਾ ਦੱਸਦਿਆਂ ਉਨ੍ਹਾਂ ਆਖਿਆ ਕਿ ਇਹ ਪਾਰਟੀ ਅਣਜਾਣ ਲੀਡਰਾਂ ਦੀ ਪਾਰਟੀ ਹੈ ਜਿਨ੍ਹਾਂ ਨੂੰ ਸੂਬੇ ਨੂੰ ਚਲਾਉਣ ਦਾ ਕੋਈ ਤਜਰਬਾ ਹੀ ਨਹੀਂ ਅਤੇ ਇਸ ਦਾ ਅੰਦਾਜ਼ਾ ਦਿੱਲੀ ਮਾਡਲ ਤੋਂ ਉਨ੍ਹਾਂ ਦੇ ਪ੍ਰਸ਼ਾਸ਼ਨਿਕ ਪੱਧਰ ਦੀ ਸਿਆਣਪ ਅਤੇ ਸਮਰੱਥਾ ਤੋਂ ਲਾਇਆ ਜਾ ਸਕਦਾ ਹੈ, ਜਿੱਥੇ ਇਹ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਇਆ ਹੈ। ਮੁੱਖ ਮੰਤਰੀ ਨੇ ਦਿੱਲੀ ਵਿੱਚ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੂੰ ਠਿੱਠ ਕਰਦਿਆਂ ਆਖਿਆ ਕਿ ਉਹ ਪੰਜਾਬ ਵਿੱਚ ਸੱਤ੍ਹਾ ਵਿੱਚ ਆਉਣ ਦਾ ਖਿਆਲ ਪਾਲ ਕੇ ‘ਮੂਰਖਾਂ ਦੀ ਦੁਨੀਆਂ’ ਵਿੱਚ ਰਹਿ ਰਹੇ ਹਨ ਜਦਕਿ ਉਨ੍ਹਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀਆਂ ਜ਼ਮੀਨੀ ਹਕੀਕਤਾਂ ਦਾ ਭੋਰਾ ਵੀ ਗਿਆਨ ਨਹੀਂ ਹੈ। ਆਪਣੇ ਇਸ ਪੱਖ ਨੂੰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਐਸ.ਵਾਈ.ਐਲ. ਨਹਿਰ ਦੇ ਮੁੱਦੇ ‘ਤੇ ਸਰਵਉੱਚ ਅਦਾਲਤ ਵਿੱਚ ਦਿੱਲੀ ਸਰਕਾਰ ਵੱਲੋਂ ਦਿੱਤੇ ਇੱਕ ਹਲਫ਼ਨਾਮੇ ਨੂੰਮ ਹੀ ਕੇਜਰੀਵਾਲ ਦੇ ਪੰਜਾਬ ਪ੍ਰਤੀ ਨਜ਼ਰੀਏ ਨੂੰ ‘ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ’ ਕਰ ਦਿੱਤਾ ਹੈ ਕਿਉਂ ਜੋ ਕੇਜਰੀਵਾਲ ਵੱਲੋਂ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬੀਆਂ ਨੂੰ ਇਸ ਮੁੱਦੇ ‘ਤੇ ਬੁੱਧੂ ਬਣਾਉਣ ਲਈ ਲਏ ਫ਼ੈਸਲੇ ਦਾ ਇਸ ਹਲਫ਼ੀਆ ਬਿਆਨ ਨੇ ਪਰਦਾਫ਼ਾਸ਼ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਪ ਵਿੱਚ ਸ਼ਾਮਿਲ ਬਹੁਗਿਣਤੀ ਲੀਡਰਾਂ ਦੀ ਆਪਣੀ ਵਿਚਾਰਧਾਰਾ ਪ੍ਰਤੀ ਕੋਈ ਸੰਹੀਦਗੀ ਜਾਂ ਵਚਨਬੱਧਤਾ ਨਹੀਂ ਹੈ ਸਗੋਂ ਇਹ ਟਿਕਟ ਹਥਿਆਉਣ ਦੀ ਹਸਰਤ ਪਾਲ ਰਹੇ ਮੌਕਾਪ੍ਰਸਤ ਹਨ, ਜਿਨ੍ਹਾਂ ਨੂੰ ਦੂਜੀਆਂ ਪਾਰਟੀਆਂ ਨੇ ਰਸਤਾ ਦਾ ਦਿਖਾਇਆ ਹੋਇਆ ਹੈ। ਪੱਤਰਕਾਰਾਂ ਵੱਲੋਂ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਸਬੰਧੀ ਕਰਵਾਏ ਸੀ-ਬਾਰੇ ਪੁੱਛੇ ਸਵਾਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਇਸ ਸਰਵੇਖਣ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਇਹ ਝੂਠਾ, ਮਨਘੜਤ ਤੇ ਕਾਲਪਨਿਕ ਹੈ। ਮੌਜੂਦਾ ਖੇਤੀ ਸੰਕਟ ਬਾਰੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਖੇਤੀ ਅਤੇ ਆਰਥਿਕ ਮਾਹਿਰਾਂ ‘ਤੇ ਅਧਾਰਿਤ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਤੁਰੰਤ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਇਸ ਖੇਤੀ ਖੇਤਰ ਵਿੱਚੋਂ ਬਾਹਰ ਕੱਢਿਆ ਜਾ ਸਕੇ।
ਸੰਗਤ ਦਰਸ਼ਨ ਪ੍ਰੋਗਰਾਮ ਦੀ ਮਹੱਤਤਾ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਦਰ ‘ਤੇ ਜਾ ਹੱਲ ਕਰਨ ਲਈ ਦੁਵੱਲੇ ਸੰਚਾਰ ਦਾ ਇਹ ਸਭ ਤੋਂ ਵਧੀਆ ਮੰਚ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵੀ ਮਿਸ਼ਨਰੀ ਭਾਵਨਾ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਖਿਆ। ਇਸ ਮੌਕੇ ਸੀਨੀਅਰ ਅਕਾਲੀ ਨੇਤਾ ਤੇ ਮਾਰਕਫ਼ੈਡ ਦੇ ਚੇਅਰਮੈਨ ਸ. ਜਰਨੈਲ ਸਿੰਘ ਵਾਹਦ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡੀ.ਆਈ.ਜੀ. ਲੁਧਿਆਣਾ ਰੇਂਜ ਸ੍ਰੀ ਐਸ.ਕੇ.ਕਾਲੀਆ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ, ਐਸ.ਐਸ.ਪੀ. ਸ੍ਰੀ ਸਨੇਹਦੀਪ ਸ਼ਰਮਾ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਬਾਬਾ ਰਾਮ ਸਿੰਘ ਸਮੇਤ ਜ਼ਿਲ੍ਹੇ ਦੇ ਅਧਿਕਾਰੀ ਅਤੇ ਆਗੂ ਮੌਜੂਦ ਸਨ।















