ਮੁੱਖ ਮੰਤਰੀ ਵੱਲੋਂ ਪਟਿਆਲਾ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ

ਮਿ੍ਰਤਕਾਂ ਦੇ ਵਾਰਿਸਾਂ ਨੂੰ ਇਕ–ਇਕ ਲੱਖ ਰੁਪਏ ਐਕਸ–ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ
ਚੰਡੀਗੜ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਅਮੋਨੀਆ ਗੈਸ ਸਿਲੰਡਰ ਫਟਣ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਕਰਵਾਉਣ ਅਤੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ ਹੈ। ਇਸ ਧਮਾਕੇ ਵਿੱਚ ਤਿੰਨ ਵਿਅਕਤੀ ਮਾਰੇ ਗਏ ਜਦਕਿ 11 ਹੋਰ ਜ਼ਖਮੀ ਹੋ ਗਏ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਾਸੂਮ ਲੋਕਾਂ ਦੀ ਜਾਨ ਚਲੀ ਜਾਣ ਦੀ ਦੁਖਦਾਇਕ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਮੈਜਿਸਟੇ੍ਰਟ ਜਾਂਚ ਦੇ ਹੁਕਮ ਦਿੱਤੇ ਜਿਸ ਨਾਲ ਇਸ ਘਟਨਾ ਦੇ ਸਾਰੇ ਪਹਿਲੂਆਂ ਨੂੰ ਘੋਖ ਕੇ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਘਨੌਰ-ਸ਼ੰਭੂ ਰੋਡ ’ਤੇ ਸਥਿਤ ਪਿੰਡ ਸੰਦਾਰਸੀ ਵਿੱਚ ਫੂਡ ਪ੍ਰੋਸੈਸਿੰਗ ਯੂਨਿਟ ’ਤੇ ਘਟਨਾ ਵਾਲੀ ਥਾਂ ਉਪਰ ਚੱਲ ਰਹੇ ਬਚਾਅ ਤੇ ਰਾਹਤ ਕਾਰਜਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਾਹਤ ਕਾਰਜ ਵਿੱਚ ਜੁਟੀਆਂ ਕੌਮੀ ਆਫਤ ਪ੍ਰਬੰਧਨ ਫੋਰਸ ਦੀਆਂ ਟੀਮਾਂ ਅਤੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਦੇ ਰਸਾਇਣ ਮਾਹਿਰਾਂ ਨੂੰ ਹਰ ਸੰਭਵ ਸਹਿਯੋਗ ਕਰਨ ਤੋਂ ਇਲਾਵਾ ਪੀੜਤਾਂ ਦੀ ਮਦਦ ਯਕੀਨੀ ਬਣਾਈ ਜਾਵੇ।
ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਵਾਰਿਸਾਂ ਲਈ ਇਕ-ਇਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਤੋਂ ਇਲਾਵਾ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਪੀੜਤਾਂ ਦਾ ਮੁਫਤ ਇਲਾਜ ਕਰਵਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਡਿਪਟੀ ਕਮਿਸ਼ਨਰ ਨੇ ਹਸਪਤਾਲ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁਛਿਆ।
ਇਸ ਘਟਨਾ ਵਿੱਚ ਮਾਸੂਮ ਲੋਕਾਂ ਦੇ ਤੁਰ ਜਾਣ ’ਤੇ ਦੁੱਖ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਲਈ ਕਾਮਨਾ ਕੀਤੀ।